ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਬੇਅਦਬੀ ਮਾਮਲੇ ਨੂੰ ਲੈ ਕੇ ਗਲਬਾਤ ਹੋਈ ਹੈ | ਜਿਸ ‘ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਮੌਜੂਦ ਰਹੇ। ਇਸ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਦੇ ਮੁਖਾਤਿਬ ਹੋਏ ਤੇ ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਨੂੰ ਲੈ ਕੇ ਸਾਂਝੇ ਤੌਰ ‘ਤੇ ਇੱਕ ਮਤਾ ਪਾਸ ਕੀਤਾ ਗਿਆ ਹੈ।
ਜਿਸ ‘ਚ ਉਹਨਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਦਾ ਜੋ ਇਕੱਠ ਸੀ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਉਹ ਸਾਰੇ ਸਮੁਚੇ ਪੰਥ ਨੂੰ ਅਪੀਲ ਕਰਦਾ ਹੈ ਕਿ ਇਹਨਾਂ ਘੋਰ ਅਪਰਾਧ ਦੇ ਦੋਸ਼ੀਆਂ ਨੂੰ ਪਛਾਣ ਕੇ ਜਲਦ ਤੋਂ ਜਲਦ ਸਜ਼ਾਵਾਂ ਦੇਣ ਲਈ ਸਾਂਝੀ ਲਾਮਬੰਦੀ ਕੀਤੀ ਜਾਵੇ।
ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ ‘ਤੇ ਕੋਈ ਸਿਆਸਤ ਨਾ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਅੱਜ ਦੇ ਇਕੱਠ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਇੱਕਮੁੱਠ ਹੋਣ ਤੇ ਲਾਮਬੰਦੀ ਦਾ ਸੱਦਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਭਵਿੱਖ ‘ਚ ਸਾਰੀਆਂ ਸੰਪਰਦਾਵਾਂ, ਸਾਰੇ ਵਿਦਵਾਨਾਂ ਨੇ ਇਕੱਠਿਆਂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ‘ਚ ਸਾਰੇ ਪਿੰਡਾਂ ਅਤੇ ਕਸਬਿਆਂ ‘ਚ ਜਾ ਕੇ ਪ੍ਰਚਾਰ ਤੇ ਪ੍ਰਸਾਰ ਜ਼ਰੂਰ ਕਰਾਂਗੇ। ਧਰਮ ਪਰਿਵਰਤਨ ਦੀਆਂ ਗਤੀਵਿਧੀਆਂ ‘ਤੇ ਬੋਲਦਿਆਂ ਉਹਨਾਂ ਕਿਹਾ ਕਿ ਇਹਨਾਂ ‘ਤੇ ਵੀ ਠੱਲ ਪਾਈ ਜਾਵੇਗੀ।
ਉਤਰਾਖੰਡ ‘ਚ ਹੋਈ ਬੇਅਦਬੀ ਦੀ ਘਟਨਾ ਨੂੰ ਵੀ ਉਹਨਾਂ ਮੰਦਭਾਗਾ ਕਰਾਰ ਦਿੱਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 3 ਮੈਂਬਰੀ ਟੀਮ ਬਣਾਈ ਗਈ ਹੈ ਜੋ ਘਟਨਾ ਦੀ ਪੜਤਾਲ ਕਰਕੇ ਰਿਪੋਟ ਦੇਵੇਗੀ, ਜਿਹੜੇ ਵੀ ਦੋਸ਼ੀ ਪਾਏ ਗਏ ਉਹਨਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ।