ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ‘ਚ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ ‘ਤੇ ਲੋਕ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ। ਅਗਨੀਪਥ ਯੋਜਨਾ ਨੂੰ ਲੈ ਕੇ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਦਾ ਚੌਥਾ ਦਿਨ ਸੀ। ਜਿਸ ਵਿੱਚ ਪ੍ਰਦਰਸ਼ਨ ਦੌਰਾਨ ਸਰਕਾਰੀ ਜਾਇਦਾਦਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਗਿਆ। ਇਸ ਦੇ ਨਾਲ ਹੀ 20 ਜੂਨ ਨੂੰ ਮੁੜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਹਰਿਆਣਾ ਦੀਆਂ ਸਰਕਾਰਾਂ ਨੇ ਵੀ 20 ਜੂਨ ਨੂੰ ਹਾਈ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਸ਼ਹਿਰ-ਸ਼ਹਿਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਆਦਿ ‘ਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਸਕਦੀ ਹੈ।
ਕੀ ਹੈ ਅਗਨੀਪਥ ਸਕੀਮ ਅਤੇ ਇਸ ਦਾ ਕਿਉਂ ਹੋ ਰਿਹਾ ਵਿਰੋਧ
ਸਰਕਾਰ ਨੇ 14 ਜੂਨ ਨੂੰ ਅਗਨੀਪਥ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਵਿੱਚ 4 ਸਾਲਾਂ ਲਈ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਕੀਤਾ ਜਾਵੇਗਾ। ਸਕੀਮ ਤਹਿਤ ਚੁਣੇ ਗਏ ਨੌਜਵਾਨਾਂ ਨੂੰ ‘ਅਗਨੀਵੀਰ’ ਦਾ ਸਨਮਾਨ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਹੀ ਪੂਰੇ ਦੇਸ਼ ਵਿੱਚ ਰੋਸ ਦਾ ਮਾਹੌਲ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਇਸ ਯੋਜਨਾ ਖਿਲਾਫ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ। ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਸਾਲਾਂ ਦੀ ਮਿਹਨਤ ਤੋਂ ਬਾਅਦ ਫੌਜ ਵਿੱਚ ਭਰਤੀ ਹੋਣ ਦਾ ਸੁਪਨਾ ਦੇਖਦੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਸਿਰਫ 4 ਸਾਲ ਦੀ ਨੌਕਰੀ ਸਵੀਕਾਰ ਨਹੀਂ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਰਕਾਰ ਨੂੰ ਇਹ ਸਕੀਮ ਵਾਪਸ ਲੈਣ ਦੀ ਅਪੀਲ ਕੀਤੀ ਹੈ।