ਪੰਜਾਬ ਭਾਜਪਾ ਦੇ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਅੱਜ ਪੰਜਾਬ ਵਿਧਾਨ ਸਭਾ ’ਚ ਸੀ.ਐੱਮ. ਭਗਵੰਤ ਮਾਨ ਵੱਲੋਂ ਲਿਆਏ ਕੇਂਦਰ ਖਿਲਾਫ ਚੰਡੀਗੜ੍ਹ ਦੇ ਮਤੇ ਤੋਂ ਵਾਕਆਊਟ ਕਰ ਗਏ। ਜਿਸ ਤੋਂ ਬਾਅਦ ਉਨ੍ਹਾਂ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੇਸ਼ ਕੀਤੇ ਗਏ ਇਸ ਮਤੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜਾ ਮਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਸ਼ ਕੀਤਾ, ਉਸ ’ਤੇ ਸਹੀ ਤਰੀਕੇ ਨਾਲ ਚਰਚਾ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮਤੇ ’ਚ ਜਿਸ ਤਰੀਕੇ ਨਾਲ ਤੱਥਾਂ ’ਤੇ ਆਧਾਰਿਤ ਚਰਚਾ ਹੋਣੀ ਚਾਹੀਦੀ ਸੀ, ਉਸ ਦੀ ਕਮੀ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਰਹੇਗੀ ਪਰ ਮੈਨੂੰ ਆਪਣੀ ਗੱਲ ਪੂਰੀ ਤਰ੍ਹਾਂ ਨਾਲ ਰੱਖਣ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੁਣ ਇਹ ਇਕ ਰਵਾਇਤ ਹੋ ਗਈ ਹੈ ਕਿ ਜਦੋਂ ਆਪਣੀਆਂ ਨਾਕਾਮੀਆਂ ਲੁਕਾਉਣੀਆਂ ਹੋਣ ਤਾਂ ਕੇਂਦਰ ’ਤੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿਓ। ਇਸੇ ਤਰ੍ਹਾਂ ਦਾ ਮੰਜ਼ਰ ਅੱਜ ਵੀ ਵਿਧਾਨ ਸਭਾ ’ਚ ਦੇਖਣ ਨੂੰ ਮਿਲਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਊਡੀਕ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 1 ਅਪ੍ਰੈਲ ਤੋਂ ਪੰਜਾਬ ਦੀਆਂ ਧੀਆਂ ਭੈਣਾਂ ਦੇ ਅਕਾਊਂਟ ’ਚ ਇਕ ਹਜ਼ਾਰ ਰੁਪਿਆ ਪਾਉਣ ਤੇ ਬਿਜਲੀ ਦੇ 300 ਯੂਨਿਟ ਮੁਆਫ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਹੀ ਇਸ ਲਈ ਗਿਆ ਸੀ ਕਿ ਲੋਕਾਂ ਦਾ ਧਿਆਨ ਉਨ੍ਹਾਂ ਵਾਅਦਿਆਂ ਤੋਂ ਭਟਕਾਇਆ ਜਾ ਸਕੇ।