ਸ਼੍ਰੋਮਣੀ ਅਕਾਲੀ ਦਲ ਵੱਲੋਂ ਵੈਕਸੀਨ ਘਪਲੇ ਦੇ ਮੁੱਦੇ ‘ਤੇ ਪੰਜਾਬ ਦੇ ਸਿਹਤ ਮੰਤਰੀ ਦੇ ਘਰ ‘ਤੇ ਹੱਲਾ ਬੋਲ ਦਿੱਤਾ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਮਹਿੰਗੇ ਭਾਅ ਨਿੱਜੀ ਹਸਪਤਾਲਾਂ ਨੂੰ ਵੇਚੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਜੋ ਵੈਕਸੀਨ ਲੱਗਣੀ ਸੀ, ਉਹ ਉਸ ਤੋਂ ਵਾਂਝੇ ਰਹਿ ਗਏ ਹਨ। ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਵਾਲੇ ਮੁੱਦੇ ਤੇ ਕਾਂਗਰਸ ਸਰਕਾਰ ਬੁਰ੍ਹੀ ਤਰ੍ਹਾਂ ਘਿਰ ਗਈ ਹੈ। ਭਾਵੇਂ ਕੈਪਟਨ ਸਰਕਾਰ ਨੇ ਨਿੱਜੀ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈ ਲਈ ਹੈ ਪਰ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਕਸ਼ਨ ਕੀਤਾ ਗਿਆ ਇਸਤੋਂ ਪਹਿਲਾਂ ਐਤਵਾਰ ਨੂੰ ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।
ਪੰਜਾਬ ਸਰਕਾਰ ਨੇ ਕੋਵੈਕਸੀਨ ਦੀਆਂ 80,000 ਖੁਰਾਕਾਂ 400 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਖਰੀਦੀ ਸੀ ਤੇ ਪ੍ਰਾਈਵੇਟ ਹਸਪਤਾਲ ਨੂੰ ਇਹ ਖੁਰਾਕ 1060 ਰੁਪਏ ਪ੍ਰਤੀ ਖੁਰਾਕ ਵੇਚੀ ਗਈ।ਪ੍ਰਾਈਵੇਟ ਹਸਪਤਾਲਾਂ ਨੇ ਆਮ ਲੋਕਾਂ ਨੂੰ ਇਹ ਕੋਰੋਨਾ ਟੀਕਾ 1560 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਲਾਇਆ। ਜਦੋਂ ਇਹ ਗੱਲ ਸਾਹਮਣੇ ਆਈ ਤਾਂ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰ ਲਿਆ ਤੇ ਮੁਨਾਫਾਖੋਰੀ ਦੇ ਇਲਜ਼ਾਮ ਵੀ ਲਾਏ।ਦਬਾਅ ਵਿੱਚ ਪੰਜਾਬ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਸ ਲੈਣਾ ਪਿਆ ਤੇ ਉਸ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀਆਂ ਸਾਰੀਆਂ ਖੁਰਾਕਾਂ ਜੋ ਇਸਤਮਾਲ ਨਹੀਂ ਹੋਈਆਂ ਵਾਪਸ ਮੰਗਵਾ ਲਈਆਂ।’