ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਾਣ-ਬੁੱਝ ਕੇ ਖੇਤੀਬਾੜੀ ਖੇਤਰ ਨੂੰ ਨਜ਼ਰ-ਅੰਦਾਜ਼ ਕੀਤਾ, ਜਿਸ ਕਾਰਨ ਖੇਤੀਬਾੜੀ ਖੇਤਰ ਅੱਜ ਤੱਕ ਉੱਭਰ ਨਹੀਂ ਸਕਿਆ ਹੈ। ਰਾਘਵ ਚੱਢਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਤੇ ਦ੍ਰਿੜ ਇੱਛਾਸ਼ਕਤੀ ਨਾਲ ਕਿਸਾਨਾਂ ਨਾਲ ਹੋਏ ਸਮਝੌਤੇ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਕੰਮ ਪਿਛਲੀਆਂ ਸਰਕਾਰਾਂ ਵੀ ਕਰ ਸਕਦੀਆਂ ਸੀ ਪਰ ਉਨ੍ਹਾਂ ਦੀ ਨੀਅਤ ਸਾਫ਼ ਨਹੀਂ ਸੀ।
‘ਆਪ’ ਦੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਭਗਵੰਤ ਮਾਨ ਨੇ ਇਕ ਮਜ਼ਬੂਤ ਅਤੇ ਖੇਤੀਬਾੜੀ ਖੇਤਰ ਨੂੰ ਅੱਗੇ ਲਿਜਾਣ ਵਾਲਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਸ ਤਰ੍ਹਾਂ ਸਮਝੌਤਾ ਹੋਣ ਤੋਂ ਬਾਅਦ ਕਿਸਾਨਾਂ ਨੂੰ ਗਲੇ ਲਾਇਆ ਹੈ ਅਤੇ ਇਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਦੇ ਦਿਲ ’ਚ ਕਿਸਾਨਾਂ ਪ੍ਰਤੀ ਕਿੰਨਾ ਦਰਦ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਕੁਝ ਹੀ ਦਿਨਾਂ ’ਚ ਬੈਠ ਕੇ ਪਿਆਰ ਨਾਲ ਲੰਬੇ ਸਮੇਂ ਤੋਂ ਚਲੇ ਆ ਰਹੇ ਮਸਲਿਆਂ ਨੂੰ ਸੁਲਝਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਿਸੇ ਵੀ ਪਿਛਲੀ ਸਰਕਾਰ ਨੇ ਨਹੀਂ ਕੀਤਾ। ਰਾਘਵ ਚੱਢਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਭਗਵੰਤ ਮਾਨ ਸਰਕਾਰ ਦੀ ਪਕੜ ਮਜ਼ਬੂਤ ਹੋਈ ਅਤੇ ਮੋਹਾਲੀ ਮਾਮਲੇ ਨੂੰ ਵੀ ਕੁਝ ਹੀ ਸਮੇਂ ’ਚ ਸੁਲਝਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਅਜੇ ਤਾਂ ਸਰਕਾਰ ਨੂੰ ਬਣੇ ਕੁਝ ਹੀ ਸਮਾਂ ਹੋਇਆ ਅਤੇ ਸਰਕਾਰ ਨੇ ਕਈ ਮੁਸ਼ਕਿਲ ਮਸਲਿਆਂ ਦਾ ਹੱਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਸਰਕਾਰ ਜਨਤਾ ਦੇ ਸਹਿਯੋਗ ਨਾਲ ਅਜਿਹੇ ਫੈਸਲੇ ਲੈਂਦੀ ਰਹੇਗੀ।