ਅੱਜ ਤੋਂ ਪੰਜਾਬ ਅੰਦਰ ਔਰਤਾਂ ਦਾ ਸਾਰੀਆਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਸ਼ੁਰੂ ਹੋ ਗਿਆ ਹੈ। ਇਸ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ। ਸਰਕਾਰ ਦੇ ਇਸ ਤੋਹਫੇ ਤੋਂ ਔਰਤਾਂ ਕਾਫ਼ੀ ਖ਼ੁਸ਼ ਨਜ਼ਰ ਆ ਰਹੀਆਂ ਹਨ। ਦੱਸ ਦੇਈਏ ਕਿ ਮੁਫ਼ਤ ਸਫ਼ਰ ਕਰਨ ਲਈ ਔਰਤਾਂ ਨੂੰ ਪੰਜਾਬ ਦੇ ਵਾਸੀ ਹੋਣ ਦਾ ਕੋਈ ਵੀ ਦਸਤਾਵੇਜ਼ ਜਿਵੇਂ ਅਧਾਰ ਜਾਂ ਵੋਟਰ ਕਾਰਡ ਵਿਖਾਉਣਾ ਹੋਵੇਗਾ।
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।
ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਲੈ ਸਕਦੀਆਂ ਹਨ। ਇਸ ਲਈ ਉਮਰ ਵਰਗ ਦਾ ਕੋਈ ਮਾਪਦੰਡ ਨਹੀਂ ਹੈ।