ਪੰਜਾਬ ‘ਚ ਇੱਕ ਵਾਰ ਫਿਰ ਕੋਰੋਨਾ ਦਾ ਕਹਿਰ ਜਾਰੀ ਹੈ।ਦਿਨੋ ਦਿਨ ਕੋਰੋਨਾ ਮਾਮਲੇ ਵੱਧਦੇ ਜਾ ਰਹੇ ਹਨ।ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਹੁਣ ਬੱਚਿਆਂ ਦੇ ਟੀਕਾਕਰਨ ‘ਚ ਲਾਪ੍ਰਵਾਹੀ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 4 ਮਈ ਤੋਂ ਵੈਕਸੀਨ ਨਾ ਲਵਾਉਣ ਵਾਲੇ 12 ਤੋਂ 18 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਉੱਪਰ ਸਰੀਰਕ ਤੌਰ ‘ਤੇ ਕਲਾਸਾਂ ਵਿੱਚ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਸੋਮਵਾਰ ਨੂੰ ਨੋਟਿਸ ਕੀਤਾ। ਅਜਿਹੇ ‘ਚ ਚੰਡੀਗੜ੍ਹ ਦੇ ਜਿਹੜੇ ਬੱਚੇ ਟੀਕਾਕਰਨ ਨਹੀਂ ਕਰਵਾ ਰਹੇ ਹਨ, ਉਨ੍ਹਾਂ ਨੂੰ ਦੁਬਾਰਾ ਆਨਲਾਈਨ ਪੜ੍ਹਾਈ ਕਰਨੀ ਪਵੇਗੀ।
ਚੰਡੀਗੜ੍ਹ ਵਿੱਚ 3 ਜਨਵਰੀ, 2022 ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੇ ਨਾਲ ਹੀ 16 ਮਾਰਚ ਤੋਂ 12 ਤੋਂ 14 ਸਾਲ ਤੱਕ ਦੇ ਬੱਚਿਆਂ ਲਈ ਕੋਰਬੀਵੈਕਸ ਵੈਕਸੀਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਸਿਹਤ ਵਿਭਾਗ ਚੰਡੀਗੜ੍ਹ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਆਦਿ ਵਿੱਚ ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ਨੀਵਾਰ ਤੇ ਐਤਵਾਰ ਨੂੰ ਵੀ ਬੱਚਿਆਂ ਲਈ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਬਾਵਜੂਦ ਟੀਕਾ ਲਵਾਉਣ ਵਿੱਚ ਢਿੱਲ ਵਰਤੀ ਜਾ ਰਹੀ ਹੈ।