ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਹਾਈਕੋਰਟ ਨੇ ਅੱਧੀ ਰਾਤ ਇਹ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦੇ ਜੱਜ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ। ਹਾਈਕੋਰਟ ਨੇ ਮੰਨਿਆ ਕਿ ਸੈਣੀ ਦੀ ਗ੍ਰਿਫਤਾਰੀ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਅਜੇ ਹੁਕਮਾਂ ਦੀ ਕਾਪੀ ਜਾਰੀ ਨਹੀਂ ਹੋਈ ਹੈ। ਜੱਜ ਨੇ ਸਿਰਫ ਵੀਡੀਓ ਕਾਨਫਰੰਸ ਰਾਹੀਂ ਆਪ੍ਰੇਟਿੰਗ ਪਾਰਟ ਪੜ੍ਹ ਕੇ ਸੁਣਾਇਆ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਜੀਲੈਂਸ ਨੂੰ ਫਟਕਾਰ ਲਗਾਈ ਹੈ ਤੇ ਕਿਹਾ ਹੈ ਕਿ ਗ੍ਰਿਫ਼ਤਾਰੀ ਤੋਂ 7 ਦਿਨ ਪਹਿਲਾਂ ਦੱਸਣਾ ਜ਼ਰੂਰੀ ਸੀ ਤੇ ਜਾਂਚ ਵਿਚ ਸ਼ਾਮਿਲ ਹੋਣ ਵਾਲੇ ਦੀ ਗ੍ਰਿਫ਼ਤਾਰੀ ਕਿਉਂ ਕੀਤੀ ਗਈ ਹੈ? ਹਾਈਕੋਰਟ ਨੇ ਮੋਹਾਲੀ ਕੋਰਟ ਨੂੰ ਕਿਹਾ, ਅਜੇ ਸੁਮੇਧ ਸੈਣੀ ਦੇ ਰਿਮਾਂਡ ਉੱਤੇ ਫੈਸਲਾ ਨਾ ਲਵੋ।
ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਵੱਲੋਂ ਕਾਂਸਟੇਬਲ ਭਰਤੀ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੈਣੀ ਬੀਤੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਏ ਸਨ ਜਿਸ ਦੌਰਾਨ ਵਿਜੀਲੈਂਸ ਨੂੰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਮੇਧ ਸਿੰਘ ਸੈਣੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਦਫਤਰ ਪਹੁੰਚੇ ਸਨ, ਪਰ ਉਨ੍ਹਾਂ ਨੂੰ ਇਸ ਤਰ੍ਹਾਂ ਗ੍ਰਿਫਤਾਰ ਕਰ ਲਿਆ ਗਿਆ। ਇਹ ਗ੍ਰਿਫਤਾਰੀ ਸਹੀ ਨਹੀਂ ਹੈ।