ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਇਲਾਵਾ ਕਿਸੇ ਵੀ ਸਿਆਸੀ ਪਾਰਟੀ ਕੋਲ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੈ। ਪੰਜਾਬ ਦੇ ਵੋਟਰ ਇਸ ਵਾਰ ਮੁੱਖ ਮੰਤਰੀ ਦਾ ਚਿਹਰਾ ਵੇਖ ਕੇ ਹੀ ਨਵੀਂ ਸਰਕਾਰ ਬਾਰੇ ਫੈਸਲਾ ਦੇਣਗੇ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਾਮ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਕਰਵਾਏ ਗਏ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਇਸ ਤੋਂ ਪਹਿਲਾਂ ਜ਼ਿਲ੍ਹਾ ਕਚਹਿਰੀ ਵਿੱਚ ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਸ਼ਰਮਾ ਵੱਲੋਂ ਵਕੀਲਾਂ ਨਾਲ ਸਬੰਧਤ ਕਈ ਮੰਗਾਂ ਸੁਖਬੀਰ ਬਾਦਲ ਅੱਗੇ ਰੱਖੀਆਂ ਗਈਆਂ। ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਵਕੀਲਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਗੁਰਦਾਸਪੁਰ ਦੇ ਵਕੀਲਾਂ ਨੂੰ ਚੈਂਬਰਾਂ ਦੇ ਨਿਰਮਾਣ ਲਈ ਉਨ੍ਹਾਂ ਨੇ ਪਹਿਲਾਂ ਵੀ ਇਕ ਕਰੋੜ ਰੁਪਏ ਦੀ ਗਰਾਂਟ ਦਿਵਾਈ ਸੀ ਅਤੇ ਹੁਣ ਵੀ ਅਕਾਲੀ ਸਰਕਾਰ ਬਣਨ ਉੱਤੇ ਉਨ੍ਹਾਂ ਨੂੰ ਮੁੜ ਚੈਂਬਰਾਂ ਲਈ ਗਰਾਂਟ ਦਿੱਤੀ ਜਾਵੇਗੀ।