ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਦਿਆਂ ਪੰਜਾਬ ਅੰਦਰ ਚੋਣ ਜਾਪਤਾ ਲੱਗ ਗਿਆ ਹੈ ਅਤੇ ਚੋਣ ਕਮਿਸ਼ਨ ਵੱਲੋਂ ਕੋਰੋਨਾ ਨੂੰ ਦੇਖਦੇ ਹੋਏ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜਿਸ ‘ਚ ਵੱਡੇ ਇਕੱਠ, ਵੱਡੀਆਂ ਰੈਲੀਆਂ, ਸਮਾਗਮਾਂ ਅਤੇ ਮੀਟਿੰਗਾਂ ਸ਼ਾਮਲ ਹਨ। ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀਆਂ ਹੀ ਪਾਲਣਾ ਕਰਦੇ ਹੋਏ ਅੱਜ ਦੋ ਦਿਨਾਂ ਦੇ ਲਈ ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਅਨਮੋਲ ਗਗਨ ਮਾਨ ਦੇ ਖਰੜ ਹੱਲਕੇ ‘ਚ ਘਰ-ਘਰ ਜਾ ਕੇ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਅਤੇ ਅਨਮੋਲ ਗਗਨ ਲਈ ਵੋਟਾਂ ਮੰਗੀਆਂ। ਉਨ੍ਹਾਂ ਖਰੜ ਦੇ ਪਿੰਡ ਖਾਨਪੂਰ ‘ਚ ਘਰ-ਘਰ ਜਾ ਕੇ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿੱਛਲੇ ਕਈ ਸਾਲਾਂ ਤੋਂ ਲੁੱਟੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ ਦੀ ਗੱਲ ਕਹੀ।
ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਹਲਕਾ ਖਰੜ ਤੋਂ ਪਾਰਟੀ ਉਮੀਦਵਾਰ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਇਸ ਦੌਰਾਨ ਕੇਜਰੀਵਾਲ ਨੇ ਘਰ-ਘਰ ਜਾ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਵਾਂਗ ਪੰਜਾਬ ਅੰਦਰ ਵੀ ਮਜ਼ਬੂਤ ਕਰ ਇੱਥੇ ਵੀ ਆਮ ਲੋਕਾਂ ਦੀ ਸਰਕਾਰ ਮਤਲਬ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਅੱਗੇ 10 ਏਜੰਡੇ ਰੱਖੇ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਹਰ ਪੰਜਾਬੀ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ।