ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਕੋਈ ਵੀ ਏਜੰਸੀ ਇਸ ਕਤਲ ਦੀ ਤਫਤੀਸ਼ ਨਹੀਂ ਕਰਵਾ ਸਕਦੀ। ਇਸ ਕਤਲ ਦੀ ਤਫਤੀਸ਼ ਅੰਤਰਰਾਸ਼ਟਰੀ ਪੱਧਰ ‘ਤੇ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੀਆਂ ਅਮਰਗੜ੍ਹ ਦੀਆਂ ਚੋਣਾਂ ‘ਚ ਦੀਪ ਸਿੱਧੂ ਦਾ ਕਤਲ ਕਰਵਾ ਦਿੱਤਾ ਗਿਆ ਤੇ ਹੁਣ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਮੌਕੇ ਸਿੱਧੂ ਮੂਸੇਵਾਲਾ ਦਾ।
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਮਾਨ ਨੇ ਕਿਹਾ ਕਿ ਇਹ ਸਰਕਾਰ ਦੀ ਗਲਤੀ ਹੈ ਜਦੋਂ ਸਿੱਧੂ ਮੂਸੇਵਾਲਾ ਖ਼ੁਦ ਕਹਿ ਰਿਹਾ ਸੀ ਕਿ ਉਸਦੀ ਜਾਨ ਨੂੰ ਖ਼ਤਰਾ ਹੈ ਤਾਂ ਉਸਦੀ ਸੁਰੱਖਿਆ ਵਾਪਸ ਕਿਉਂ ਲਈ ਗਈ। ਉਨ੍ਹਾਂ ਕਿਹਾ ਜਿਸ ਤਰ੍ਹਾਂ ਸਰਕਾਰ ਨੂੰ ਪਤਾ ਹੋਣ ਤੋਂ ਬਾਅਦ ਵੀ ਸਿੱਧੂ ਦੀ ਸੁਰੱਖਿਆ ਵਾਪਿਸ ਲਈ ਗਈ ਇਸ ਨਾਲ ਇੰਝ ਲਗਦਾ ਹੈ ਕਿ ਜਿਵੇ ਕਿ ਇਹ ਕੋਈ ਸਾਜ਼ਿਸ਼ ਹੋਵੇ।
ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ਨੇ ਆਪ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਪਰਜਾ ਨੂੰ ਸੁਰੱਖਿਆ ਕਿਉਂ ਨਹੀਂ ਦੇ ਸਕਦੀ। ਸਿਮਰਨਜੀਤ ਸਿੰਘ ਮਾਨ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਨਾਲ ਗੱਲ ਹੋਈ ਤੇ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਬਾਪੂ ਮੈਂ ਤੁਹਾਡੀ ਜ਼ਿਮਨੀ ਚੋਣਾਂ ‘ਚ ਪੂਰੀ ਤਰ੍ਹਾਂ ਮੱਦਦ ਕਰਨੀ ਹੈ ‘ਤੁਸੀਂ ਮੈਨੂੰ ਕਦੋਂ ਮਿਲੋਗੇ’। ਸਿਮਰਨਜੀਤ ਮਾਨ ਨੇ ਭਾਵੁਕ ਤੇ ਇਸ ਗੱਲ ਦਾ ਦੁਖ ਦਰਸ਼ਾਉਂਦਿਆਂ ਕਿਹਾ ”ਹੁਣ ਜਦੋਂ ਮੈਂ ਮਿਲਣ ਜਾ ਰਿਹਾ ਹਾ ਹੁਣ ਸਿੱਧੂ ਮੂਸੇਵਾਲਾ ਉੱਥੇ ਨਹੀਂ ਹੋਣਾ”। ਇਸ ਦੇ ਨਾਲ ਹੀ ਉਨ੍ਹਾਂ ਹਾਈਕੋਰਟ ਦੇ ਜੱਜ ‘ਤੇ ਵੀ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜੱਜ ਜ਼ਮਾਨਤਾਂ ਦੇ ਰਹੇ ਹਨ।
ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।