ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਜਾਵੇਗੀ। ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਕਰਨ ਦੇ ਫ਼ੈਸਲੇ ਵਿੱਚ ਸੋਧ ਕਰਦਿਆਂ ਸਾਉਣੀ ਦੀ ਇਸ ਪ੍ਰਮੁੱਖ ਫਸਲ ਦੀ ਖ਼ਰੀਦ ਅੱਜ 3 ਅਕਤੂਬਰ ਤੋਂ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਝੋਨੇ ਦੀ ਖ਼ਰੀਦ ਤੁਰੰਤ ਕਰਨ ਦਾ ਮੁੱਦਾ ਉਠਾਇਆ ਸੀ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 11 ਅਕਤੂਬਰ ਤੋਂ ਕਰਨ ਦੇ ਐਲਾਨ ਦਾ ਵਿਰੋਧ ਕਰਦਿਆਂ ਅੱਜ ਸੂਬੇ ਭਰ ’ਚ ਪ੍ਰਦਰਸ਼ਨ ਕੀਤੇ ਸਨ।
ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ’ਚ ਦੇਰੀ ਦੇ ਫ਼ੈਸਲੇ ਕਾਰਨ ਕਿਸਾਨਾਂ ’ਚ ਰੋਸ ਪਾਇਆ ਜਾ ਰਿਹਾ ਸੀ। ਉਧਰ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 3 ਲੱਖ ਟਨ ਤੋਂ ਵਧ ਝੋਨੇ ਦੀ ਆਮਦ ਹੋ ਚੁੱਕੀ ਹੈ। ਮੌਸਮ ਖੁਸ਼ਗਵਾਰ ਹੋਣ ਕਰਕੇ ਮਾਝੇ ’ਚ ਝੋਨੇ ਦੀ ਫਸਲ ਦੀ ਕਟਾਈ ਵਿੱਚ ਤੇਜ਼ੀ ਆ ਗਈ ਹੈ ਅਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਸਮੇਤ ਮਾਲਵਾ ਖੇਤਰ ਦੀਆਂ ਹੋਰ ਮੰਡੀਆਂ ਵਿੱਚ ਵੀ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ।
ਕੇਂਦਰੀ ਖੁਰਾਕ ਮੰਤਰਾਲੇ ਨੇ ਫ਼ੈਸਲੇ ਵਿੱਚ ਸੋਧ ਕਰਦਿਆਂ ਕਿਹਾ ਹੈ ਕਿ ਝੋਨੇ ਦੀ ਖ਼ਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਝੋਨੇ ’ਚ ਜ਼ਿਆਦਾ ਨਮੀ ਨੂੰ ਆਧਾਰ ਬਣਾ ਕੇ ਉਸ ਦੀ ਖ਼ਰੀਦ 10 ਦਿਨਾਂ ਲਈ ਟਾਲਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦਾ ਇਹ ਵੀ ਮੰਨਣਾ ਸੀ ਕਿ ਝੋਨੇ ਦੀ ਖ਼ਰੀਦ ਵਿੱਚ ਦੇਰੀ ਹੋਣ ਨਾਲ ਮੰਡੀਆਂ ਵਿੱਚ ਫਸਲ ਦੇ ਅੰਬਾਰ ਲੱਗ ਜਾਣਗੇ। ਇਸ ਕਰਕੇ ਫਸਲ ਦੀ ਖ਼ਰੀਦ ਵਿੱਚ ਹੀ ਦੇਰੀ ਨਹੀਂ ਹੋਵੇਗੀ ਸਗੋਂ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵੀ ਵਧਣਗੀਆਂ।