ਅੰਮ੍ਰਿਤਸਰ : ਜ਼ਿਲ੍ਹੇ ਅੰਦਰ ਕਿਤੇ ਵੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਪਿਛਲੇ ਦਿਨੀ ਜੰਮੂ ਦੇ ਊਂਝ ਦਰਿਆ ਵਿਚੋਂ ਜਿਆਦਾ ਪਾਣੀ ਆਉਣ ਕਰਕੇ ਅਜਨਾਲਾ ਦੇ ਨਾਲ ਲਗਦੇ 10 ਪਿੰਡਾਂ ਵਿੱਚ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋ ਗਿਆ ਸੀ ਤੇ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਸੀ। ਜਿਸ ਨੂੰ ਨਜਿੱਠਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਇੰਤਜ਼ਾਮ ਕਰ ਲਏ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਅਜਨਾਲਾ ਦੇ ਨਾਲ ਲੱਗਦੇ ਰਾਵੀ ਦਰਿਆ ਦਾ ਪਾਣੀ ਕਾਫ਼ੀ ਹੇਠਾਂ ਹੋ ਗਿਆ ਹੈ ਅਤੇ ਹੁਣ ਹੜ੍ਹਾਂ ਵਾਲੀ ਕੋਈ ਸਥਿਤੀ ਨਹੀਂ ਹੈ। ਉਨਾਂ ਦੱਸਿਆ ਕਿ ਐਸ.ਡੀ.ਐਮ. ਅਜਨਾਲਾ ਵਲੋਂ ਖੁਦ ਮੌਕੇ ਤੇ ਜਾ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਜਿਲ੍ਹਾ ਪੱਧਰ ਤੇ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦਾ ਨੰਬਰ 0183-2229125 ਹੈ। ਇਸ ਨੰਬਰ ਤੇ ਹੜ੍ਹਾਂ ਦੇ ਕਿਸੇ ਵੀ ਸਥਿਤੀ ਦਾ ਪਤਾ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਲ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਜਿਲ੍ਹੇ ਅੰਦਰ ਹੜ੍ਹਾਂ ਦੀ ਕੋਈ ਵੀ ਸੰਭਾਵਨਾ ਨਹੀਂ ਹੈ ਅਤੇ ਪਾਣੀ ਦਾ ਪੱਧਰ ਕੰਟਰੋਲ ਹੇਠ ਹੈ। ਉਨਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਅਗਾਉਂ ਪ੍ਰਬੰਧ ਕੀਤੇ ਗਏ ਹਨ।
ਉਨਾਂ ਡਰੇਨੇਜ਼ ਵਿਭਾਗ ਦੇ ਹਵਾਲੇ ਨਾਲ ਦੱਸਿਆ ਕਿ ਜ਼ਿਲ੍ਹੇ ਅੰਦਰ ਵਹਿ ਰਹੀਆਂ ਸਾਰੀਆਂ ਨਦੀਆਂ ਤੇ ਨਾਲਿਆਂ ਦੇ ਪਾਣੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਵਹਿ ਰਿਹਾ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਜਾਂ ਪਾਣੀ ਆਉਣ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਇਹਨਾਂ ਕੰਟਰੋਲ ਰੂਮ ‘ਤੇ ਸੂਚਨਾ ਤੁਰੰਤ ਦੇਣ ਦੇ ਨਾਲ-ਨਾਲ ਹੜ੍ਹਾਂ ਸਬੰਧੀ ਕੋਈ ਸੂਚਨਾ ਵੀ ਉਕਤ ਨੰਬਰ ਤੋਂ ਲਈ ਜਾ ਸਕਦੀ ਹੈ।