ਭਾਰੀ ਮੀਂਹ ਕਾਰਨ ਉੱਤਰਾਖੰਡ ਵਿੱਚ ਸਥਿਤੀ ਵਿਗੜ ਗਈ ਹੈ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀਆਂ ਰਿਪੋਰਟਾਂ ਦੇ ਨਾਲ, ਹੁਣ ਤੱਕ 52 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਤਰਾਖੰਡ ਵਿੱਚ ਮੀਂਹ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਦੇਰ ਸ਼ਾਮ ਦੇਹਰਾਦੂਨ ਏਅਰਪੋਰਟ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਹਵਾਈ ਅੱਡੇ ‘ਤੇ ਮੌਜੂਦ ਸਨ।
ਦੱਸ ਦੇਈਏ ਕਿ ਸ਼ਾਹ ਉੱਤਰਾਖੰਡ ਵਿੱਚ ਮਾਨਸੂਨ ਦੇ ਵਾਪਸੀ ਨਾਲ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਬਾਰੇ ਸਮੀਖਿਆ ਮੀਟਿੰਗਾਂ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਰਾਜ ਵਿੱਚ ਭਾਰੀ ਮੀਂਹ ਤੋਂ ਬਾਅਦ ਹਵਾਈ ਸਰਵੇਖਣ ਕਰਨਗੇ।
ਭਾਰੀ ਮੀਂਹ ਨਾਲ ਪ੍ਰਭਾਵਿਤ ਉੱਤਰਾਖੰਡ ਵਿੱਚ ਬੁੱਧਵਾਰ ਨੂੰ ਛੇ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਸ ਨਾਲ ਰਾਜ ਵਿੱਚ ਮਰਨ ਵਾਲਿਆਂ ਦੀ ਗਿਣਤੀ 52 ਹੋ ਗਈ। ਮੀਂਹ ਕਾਰਨ ਢਿੱਗਾਂ ਡਿੱਗਣ ਕਾਰਨ ਕਈ ਸੜਕਾਂ ਜਾਮ ਹੋ ਗਈਆਂ ਹਨ ਅਤੇ ਕਈ ਪਿੰਡਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ।
ਸਰਕਾਰੀ ਅੰਕੜਿਆਂ ਦੇ ਅਨੁਸਾਰ, ਤਬਾਹ ਹੋਏ ਘਰਾਂ ਦੇ ਮਲਬੇ ਵਿੱਚੋਂ ਅੱਜ ਛੇ ਹੋਰ ਲਾਸ਼ਾਂ ਮਿਲੀਆਂ ਹਨ।ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਪੰਜ ਲੋਕ ਅਜੇ ਵੀ ਲਾਪਤਾ ਹਨ ਅਤੇ 17 ਲੋਕ ਜ਼ਖਮੀ ਹੋਏ ਹਨ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਜ਼ਿਆਦਾਤਰ ਲੋਕਾਂ ਦੀ ਮੌਤ ਮਕਾਨ ਢਹਿਣ ਕਾਰਨ ਹੋਈ ਹੈ। ਨੈਨੀਤਾਲ ਜ਼ਿਲ੍ਹੇ ਵਿੱਚ ਹੀ 28 ਲੋਕਾਂ ਦੀ ਮੌਤ ਹੋ ਚੁੱਕੀ ਹੈ।