ਹਰਿਆਣਾ ਦੇ ਕਰਨਾਲ ਵਿੱਚ ਪਿਛਲੇ 6 ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਸਮਾਪਤ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਚਰਨ ਸਿੰਘ ਚਧੁਨੀ ਨੇ ਕਿਹਾ ਹੈ ਕਿ ਅਸੀਂ ਸਾਰਿਆਂ ਨੇ ਪ੍ਰਸ਼ਾਸਨ ਨਾਲ ਗੱਲਬਾਤ ਅਤੇ ਉਨ੍ਹਾਂ ਤੋਂ ਮਿਲੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਕਰਨਾਲ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਨੇ ਪ੍ਰਸ਼ਾਸਨ ਨਾਲ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਹੈ। ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। 28 ਅਗਸਤ ਨੂੰ ਹੋਏ ਲਾਠੀਚਾਰਜ ਕਾਂਡ ਦੀ ਨਿਆਂਇਕ ਜਾਂਚ ਹੋਵੇਗੀ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਪ੍ਰਸ਼ਾਸਨ ਨੂੰ 11 ਸਤੰਬਰ ਤੋਂ ਬਾਅਦ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਦਾ ਇਹ ਵਿਰੋਧ ਵੀਰਵਾਰ ਤੋਂ ਮਿੰਨੀ ਸਕੱਤਰੇਤ ਦੇ ਬਾਹਰ ਚੱਲ ਰਿਹਾ ਸੀ। ਕਰਨਾਲ ਦੇ ਕਿਸਾਨਾਂ ਨੇ ਮੰਗ ਕੀਤੀ ਸੀ ਕਿ 28 ਅਗਸਤ ਨੂੰ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸਡੀਐਮ ਵਿਰੁੱਧ ਕਾਰਵਾਈ ਕੀਤੀ ਜਾਵੇ, ਪਰ ਸਰਕਾਰ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਭੂਮਿਕਾ ਵੀ ਜਾਂਚ ਕੀਤੀ ਜਾਵੇ।