ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਖੁਰਾਕ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਕੇਂਦਰੀ ਸਕੱਤਰ ਨੇ ਕਣਕ ਅਤੇ ਝੋਨੇ ਦੋਵਾਂ ਦੇ ਰੂਪ ਵਿੱਚ ਰਾਸ਼ਟਰੀ ਭੋਜਨ ਪੂਲ ਵਿੱਚ ਪੰਜਾਬ ਦੇ ਵੱਡੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਨੂੰ ਬੇਨਤੀ ਕੀਤੀ ਕਿ ਉਹ ਸਾਉਣੀ ਮਾਰਕੇਟਿੰਗ ਸੀਜ਼ਨ (KMS), 2021-22 ਲਈ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਲਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਇਜਾਜ਼ਤ ਲੈਣ ਵਿੱਚ ਰਾਜ ਦੀ ਸਹਾਇਤਾ ਕਰੇ।
ਪਾਂਡੇ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ 1 ਅਕਤੂਬਰ 2021 ਤੋਂ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਮੌਜੂਦਾ ਨਿਯਮਾਂ ਅਨੁਸਾਰ ਰਾਜ ਵਿੱਚ ਝੋਨੇ ਦੀ ਖਰੀਦ ਦਾ ਫੈਸਲਾ ਪਹਿਲਾਂ ਹੀ ਲੈ ਲਿਆ ਹੈ। ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਦੱਸਿਆ ਕਿ ਭਵਿੱਖ ਲਈ ਵੀ ਸੋਧੇ ਹੋਏ ਨਿਯਮਾਂ ਨੂੰ ਸਿਰਫ ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ, ਆੜ੍ਹਤੀਆਂ ਅਤੇ ਮਿੱਲਾਂ ਸਮੇਤ ਸਾਰੇ ਹਿੱਸੇਦਾਰਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੂੰ ਇੱਕਪਾਸੜ ਰੂਪ ਵਿੱਚ ਲਾਗੂ ਕਰਨਾ ਪੰਜਾਬ ਲਈ ਨੁਕਸਾਨਦਾਇਕ ਸਾਬਤ ਹੋਵੇਗਾ।
ਰਾਜ ਦੇ ਗੋਦਾਮਾਂ ਵਿੱਚ ਭੰਡਾਰ ਕੀਤੇ ਅਨਾਜ ਦੀ ਹੌਲੀ ਆਵਾਜਾਈ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਇਨ੍ਹਾਂ ਗੋਦਾਮਾਂ ਨੂੰ ਸਾਫ ਕਰਨ ਲਈ ਤੁਰੰਤ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਕਿਹਾ ਤਾਂ ਜੋ ਤਾਜ਼ੇ ਝੋਨੇ ਦੇ ਭੰਡਾਰਨ ਲਈ ਵਾਧੂ ਜਗ੍ਹਾ ਬਣਾਈ ਜਾ ਸਕੇ।