ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਮੁੱਦੇ ‘ਤੇ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਡਾ. ਵੇਰਕਾ ਵੱਲੋਂ ਕੇਂਦਰ ਸਰਕਾਰ ‘ਤੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੇ ਪ੍ਰੋਜੈਕਟ ਵੇਚਣ ਦਾ ਇਲਜ਼ਾਮ ਲਗਾਇਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੀ ਇਨ੍ਹਾਂ ’ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣਾਂ ਚਾਹੀਦਾ ਹੈ ਕਿਉਂਕਿ ਕਾਂਗਰਸ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਗ਼ਲਤ ਇੱਛਾ ਨੂੰ ਕਦੇ ਪੂਰਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਤੋਂ ਬੀ. ਬੀ. ਐੱਮ. ਬੀ. ਮਾਮਲੇ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ ਪਰ ਅਜੇ ਤੱਕ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬੀ. ਬੀ. ਐੱਮ. ਬੀ. ਦੇ ਨਿਯਮਾਂ ’ਚ ਬਦਲਾਅ ਕਰਕੇ ਅਜਿਹੇ ਨਿਯਮ ਲਿਆਂਦੇ ਜਾ ਰਹੇ ਹਨ ਤਾਂ ਕਿ ਇਸ ’ਚ ਪੰਜਾਬ ਦਾ ਕੋਈ ਵੀ ਨੁਮਾਇੰਦਾ ਫਿੱਟ ਨਾ ਬੈਠ ਸਕੇ। ਇਸ ਤੋਂ ਸਾਫ਼ ਹੁੰਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਰੋਧੀ ਨੀਤੀਆਂ ਦੇ ਤਹਿਤ ਕੰਮ ਕਰ ਰਹੀ ਹੈ ਅਤੇ ਆਪਣੀ ਦੁਸ਼ਮਣੀ ਤੇ ਨਫ਼ਰਤ ਕੱਢ ਰਹੀ ਹੈ।