ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਤਲਬ ਕੀਤਾ। ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ।
ਅੱਜ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਵਿਚ ਲੱਗੇ ਬਰਗਾੜੀ ਮੋਰਚੇ ਨੂੰ ਖ਼ਤਮ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਜਿਨ੍ਹਾਂ ਦੋ ਮੰਤਰੀਆਂ ਅਤੇ ਤਿੰਨ ਵਿਧਾਇਕਾਂ ਨੇ ਬੇਅਦਬੀਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਪੰਜਾਬ ਸਰਕਾਰ ਵਲੋਂ ਭਰੋਸਾ ਦਿੱਤਾ ਸੀ, ਨੇ ਬੀਤੇ ਦਿਨੀਂ ਆਪਣੇ ਸਪਸ਼ਟੀਕਰਨ ਵਿਚ ਇਹ ਕਿਹਾ ਸੀ ਕਿ ਉਨ੍ਹਾਂ ਨੇ ਇਹ ਭਰੋਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ‘ਤੇ ਹੀ ਦਿੱਤਾ ਸੀ, ਇਸ ਲਈ ਇਸ ਸਬੰਧੀ ਮੁਕੰਮਲ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ। ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਹੋਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ ਹੈ।
ਇਸ ਤੋਂ ਪਹਿਲਾਂ ਮੁਤਵਾਜ਼ੀ ਜਥੇਦਾਰ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।