ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਵੱਲੋਂ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੰਸਦ ਦੇ ਦੋਵਾਂ ਸਦਨਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਸਰਕਾਰ ਦੀ ਤਰਫੋਂ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਹਿੱਸਾ ਲੈਣਗੇ।
ਸੰਸਦ ਦਾ ਸਰਦ ਰੁੱਤ ਸੈਸ਼ਨ ਅਹਿਮ ਹੋਣ ਦੀ ਉਮੀਦ ਹੈ ਕਿਉਂਕਿ ਸਰਕਾਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕਰੇਗੀ। ਇਸ ਬਿੱਲ ‘ਤੇ ਹੱਕ ਅਤੇ ਵਿਰੋਧ ‘ਚ ਜ਼ਬਰਦਸਤ ਲੜਾਈ ਹੋ ਸਕਦੀ ਹੈ। ਜਿੱਥੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਵਾਪਸ ਲੈਣ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਸਰਕਾਰ ਦੇ ਪੱਖ ਤੋਂ ਇਹ ਕੋਸ਼ਿਸ਼ ਹੋਵੇਗੀ ਕਿ ਵਿਰੋਧੀ ਧਿਰ ਵੱਲੋਂ ਉਠਾਏ ਗਏ ਮੁੱਦਿਆਂ ਦਾ ਸੰਤੁਲਿਤ ਜਵਾਬ ਦਿੱਤਾ ਜਾਵੇ।
ਸੰਸਦ ਦੇ ਇਸ ਸੈਸ਼ਨ ‘ਚ ਵਿਰੋਧੀ ਧਿਰ ਪੈਗਾਸਸ ਸਪਾਈਵੇਅਰ ਨਾਲ ਫੋਨ ਟੈਪਿੰਗ ਦਾ ਮੁੱਦਾ ਵੀ ਉਠਾ ਸਕਦੀ ਹੈ। ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਐਤਵਾਰ ਸ਼ਾਮ ਨੂੰ ਸੰਸਦ ਦੇ ਉਪਰਲੇ ਸਦਨ ਵਿੱਚ ਰਾਜਨੀਤਿਕ ਪਾਰਟੀਆਂ ਦੇ ਸਦਨਾਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਸੈਸ਼ਨ ਕਾਫੀ ਹੰਗਾਮੇ ਵਾਲਾ ਹੋ ਸਕਦਾ ਹੈ। ਜਿੱਥੇ ਵਿਰੋਧੀ ਧਿਰ ਸਰਕਾਰ ਨੂੰ ਬੈਕਫੁੱਟ ‘ਤੇ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਉਥੇ ਹੀ ਸਰਕਾਰ ਵੱਲੋਂ ਵਿਰੋਧੀ ਧਿਰ ਨੂੰ ਤੋੜਨ ਲਈ ਹਰ ਤਰ੍ਹਾਂ ਦੀਆਂ ਰਣਨੀਤੀਆਂ ਘੜੀਆਂ ਜਾ ਰਹੀਆਂ ਹਨ।