ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਹੈ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੀ ਜ਼ਿੰਦਗੀ ’ਚ ਇਨਕਲਾਬੀ ਬਦਲਾਅ ਲਿਆਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਜ਼ਿਆਦਾਤਰ ਕਿਸਾਨ ਯੂਨੀਅਨਾਂ ਅਤੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ’ਚ ਹਨ। ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਗਾਜ਼ੀਪੁਰ (ਦਿੱਲੀ-ਉੱਤਰ ਪ੍ਰਦੇਸ਼ ਬਾਰਡਰ) ’ਤੇ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚਕਾਰ ਝੜਪ ਹੋਈ ਸੀ। ਇਥੇ ਖੇਤੀ ਯੂਨੀਵਰਸਿਟੀ ਦੇ ਹੋਸਟਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਅਸੀਂ ਕਿਸਾਨ ਜਥੇਬੰਦੀਆਂ ਨੂੰ ਦੱਸਿਆ ਹੈ ਕਿ ਸਰਕਾਰ ਕਾਨੂੰਨਾਂ ਨੂੰ ਛੱਡ ਕੇ ਉਨ੍ਹਾਂ ਦੀ ਕਿਸੇ ਵੀ ਤਜਵੀਜ਼ ’ਤੇ ਗੱਲਬਾਤ ਕਰਨ ਲਈ ਰਾਜ਼ੀ ਹੈ।’’ ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਵੱਲੋਂ 30 ਸਾਲਾਂ ਦੀ ਮਿਹਨਤ ਮਗਰੋਂ ਇਹ ਕਾਨੂੰਨ ਲਿਆਂਦੇ ਗਏ ਹਨ ਜੋ ਕਿਸਾਨਾਂ ਦੀ ਜ਼ਿੰਦਗੀ ’ਚ ਇਨਕਲਾਬੀ ਬਦਲਾਅ ਲਿਆਉਣਗੇ। ਉਂਜ ਤੋਮਰ ਨੇ ਇਸ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ ਕਿ ਭਾਜਪਾ ਵਰਕਰ ਗਾਜ਼ੀਪੁਰ ਬਾਰਡਰ ’ਤੇ ਤਲਵਾਰਾਂ ਲੈ ਕੇ ਪਹੁੰਚੇ ਸਨ।