ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸੋਮਵਾਰ ਨੂੰ ਭਾਰਤ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੀ ਦ੍ਰੋਪਦੀ ਮੁਰਮੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦੋਹਾਂ ਦੇਸ਼ਾਂ ਵਿਚਾਲੇ ਆਪਸੀ ਸਿਆਸੀ ਵਿਸ਼ਵਾਸ ਵਧਾਉਣ ਅਤੇ ਮਤਭੇਦਾਂ ਨੂੰ ਸੁਲਝਾਉਣ ਦੀ ਦਿਸ਼ਾ ‘ਚ ਉਸ ਨਾਲ ਕੰਮ ਕਰਨ ਲਈ ਤਿਆਰ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਜਿਨਪਿੰਗ ਨੇ ਕਿਹਾ ਕਿ ਚੀਨ ਅਤੇ ਭਾਰਤ ਇੱਕ ਦੂਜੇ ਦੇ ਮਹੱਤਵਪੂਰਨ ਗੁਆਂਢੀ ਹਨ ਅਤੇ ਮਜ਼ਬੂਤ ਚੀਨ-ਭਾਰਤ ਸਬੰਧ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੇ ਬੁਨਿਆਦੀ ਹਿੱਤਾਂ ਦੇ ਨਾਲ-ਨਾਲ ਖੇਤਰ ਅਤੇ ਆਲੇ-ਦੁਆਲੇ ਵਿੱਚ ਸ਼ਾਂਤੀ, ਸਥਿਰਤਾ ਅਤੇ ਵਿਕਾਸ ਲਈ ਜ਼ਰੂਰੀ ਹਨ।
ਚੀਨ ਦੀ ਇਕ ਸਰਕਾਰੀ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਜਿਨਪਿੰਗ ਨੇ ਕਿਹਾ ਕਿ ਉਹ ਚੀਨ-ਭਾਰਤ ਸਬੰਧਾਂ ਨੂੰ ਬਹੁਤ ਮਹੱਤਵ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਸੀ ਸਿਆਸੀ ਵਿਸ਼ਵਾਸ ਵਧਾਉਣ ਅਤੇ ਦੋਵਾਂ ਦੇਸ਼ਾਂ ਵਿਚਾਲੇ ਮਤਭੇਦਾਂ ਨੂੰ ਸੁਲਝਾਉਣ ਦੇ ਨਾਲ-ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰੋਪਦੀ ਮੁਰਮੂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਸੰਸਦ ਦੇ ਸੈਂਟਰਲ ਹਾਲ ‘ਚ ਦੇਸ਼ ਦੇ 15ਵੇਂ ਰਾਸ਼ਟਰਪਤੀ ਦੇ ਰੂਪ ‘ਚ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਭਾਰਤ ਦੇ ਚੀਫ਼ ਜਸਟਿਸ ਐਨ. ਵੀ.ਰਮੰਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।