ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਪੰਜਾਬੀ ਅਦਾਕਾਰ ਦੀਪ ਸਿੱਧੂ ਸੋਮਵਾਰ ਨੂੰ ਦਿੱਲੀ ਦੀ ਇੱਕ ਅਦਾਲਤ ‘ਚ ਪੇਸ਼ ਹੋਏ। ਉਹ ਇਸੇ ਵਰ੍ਹੇ ਗਣਤੰਤਰ ਦਿਵਸ ਮੌਕੇ ਅੰਦੋਲਨਕਾਰੀ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲੇ ਉੱਤੇ ਵਾਪਰੀ ਹਿੰਸਕ ਘਟਨਾ ਦੇ ਮਾਮਲੇ ਵਿੱਚ ਮੁਲਜ਼ਮ ਹਨ। ਅੱਜ ਦੀਪ ਸਿੱਧੂ ਦੇ ਨਾਲ ਹੋਰ ਵੀ ਕਈ ਮੁਲਜ਼ਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਗਜੇਂਦਰ ਸਿੰਘ ਨਾਗਰ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਮਹਿੰਦਰ ਸਿੰਘ ਖ਼ਾਲਸਾ ਨਾਂ ਦੇ ਇੱਕ ਮੁਲਜ਼ਮ ਨੇ ਮੈਡੀਕਲ ਆਧਾਰ ਉੱਤੇ ਪੇਸ਼ੀ ਤੋਂ ਛੋਟ ਮੰਗੀ, ਜੋ ਪ੍ਰਵਾਨ ਕਰ ਲਈ ਗਈ।ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਸਾਰੇ ਮੁਲਜ਼ਮਾਂ ਵਿਰੁੱਧ ਪੇਸ਼ ਹੋਈ ਚਾਰਜਸ਼ੀਟ ਉਨ੍ਹਾਂ ਤੱਕ ਪੁੱਜਦੀ ਕੀਤੀ ਜਾਵੇ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਤੈਅ ਕਰ ਦਿੱਤੀ। ਪਿਛਲੇ ਮਹੀਨੇ ਅਦਾਲਤ ਨੇ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਪੇਸ਼ ਕੀਤੀ ਗਈ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ 12 ਜੁਲਾਈ ਨੂੰ ਸਾਰੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।