ਅੱਜ ਬਠਿੰਡਾ ਦੇ ਵਿੱਚ ਅਕਾਲੀ ਦਲ-ਬਸਪਾ ਦੇ ਵੱਲੋਂ ਨਰਮੇ ਦੀ ਖਰਾਬ ਹੋਈ ਫਸਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ |ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਬਾਕੀ ਰਹਿੰਦੀ ਕਸਰ ਲਗਾਤਾਰ ਪੈ ਰਹੇ ਮੀਂਹ ਨੇ ਕੱਢ ਦਿੱਤੀ ਜਿਸ ਤੋਂ ਕਿਸਾਨ ਬਹੁਤ ਪਰੇਸ਼ਾਨ ਹਨ | ਇਸ ਲਈ ਕਿਸਾਨਾਂ ਵੱਲੋਂ ਸਰਕਾਰ ਤੋਂ ਲਗਾਤਾਰ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਹ ਰੋਸ ਮੁਜ਼ਾਹਰਾ ਬਠਿੰਡਾ ਦੀ ਥਰਮਲ ਗਰਾਊਂਡ ਵਿਚ ਕੀਤਾ ਜਾਵੇਗਾ। ਮੌਕੇ ‘ਤੇ ਸਾਰੀ ਲੀਡਰਸ਼ਿਪ ਪਹੁੰਚੇਗੀ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ ਮੰਗ ਕੀਤੀ ਗਈ ਹੈ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਲਈ ਕਿਸਾਨਾਂ ਨੂੰ ਪੰਜਾਹ ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਏ ਵੱਡੇ ਨੁਕਸਾਨ ਦੀ ਕੁਝ ਰਾਹਤ ਮਿਲ ਸਕੇ , ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ ਤੇ ਕਾਲੇ ਕਾਨੂੰਨਾਂ ਕਰਕੇ ਕਿਸਾਨ ਪਹਿਲਾਂ ਹੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ ਤੇ ਇਹ ਦੋਹਰੀ ਮਾਰ ਬਰਦਾਸ਼ਤ ਕਰਨ ਯੋਗ ਨਹੀਂ।