ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਸਮਾਪਤ ਹੋ ਗਈ ਹੈ। ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਕੈਬਨਿਟ ਮੀਟਿੰਗ ਵਿੱਚ ਕਿਸਾਨ ਕਾਨੂੰਨ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਨੇ ਸਰਬਸੰਮਤੀ ਨਾਲ ਖੇਤੀ ਬਿੱਲ ਵਾਪਸ ਲੈਣ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ।
19 ਨਵੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, ਪੀਐਮ ਮੋਦੀ ਨੇ ਤਿੰਨੋਂ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਕੀਤਾ ਜਾਵੇਗਾ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।
ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਸੰਸਦੀ ਨਿਯਮਾਂ ਅਨੁਸਾਰ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।