ਮਹਿੰਗਾਈ, ਤੇਲ ਕੀਮਤਾਂ ’ਚ ਵਾਧੇ ਤੇ ਬੇਰੁਜ਼ਗਾਰੀ ’ਚ ਵਾਧੇ ਕਾਰਨ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸੀ ਵਰਕਰਾਂ ਨੂੰ ਖਿੰਡਾਉਣ ਲਈ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰ ਤੋਂ ਕੀਤੀ ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ। ਇਸ ਦੌਰਾਨ ਪੁਲੀਸ ਨੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ, ਜਿਨ੍ਹਾਂ ਨੂੰ ਮਗਰੋਂ ਰਿਹਾਅ ਕਰ ਦਿੱਤਾ ਗਿਆ। ਅੱਜ ਯੂਥ ਕਾਂਗਰਸ ਦਾ ਇੱਥੇ ਲਿੰਕ ਰੋਡ ’ਤੇ ਸਥਿਤ ਪਾਰਟੀ ਦਫ਼ਤਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਸੀ ਪਰ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਂਗਰਸ ਦੇ ਦਫ਼ਤਰ ਨੇੜੇ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ।
ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਾਂ ’ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਤੇ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਯੂਥ ਕਾਂਗਰਸੀ ਵਰਕਰਾਂ ਦੀ ਅਗਵਾਈ ਇਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ ਵੀ ਨੇ ਕੀਤੀ। ਇਸ ਦੌਰਾਨ ਹੋਈ ਖਿੱਚ-ਧੂਹ ਦੌਰਾਨ ਕਥਿਤ ਤੌਰ ’ਤੇ ਕਾਂਗਰਸ ਦੇ ਵਿਧਾਇਕ ਤੇ ਸਾਬਕਾ ਮੰਤਰੀ ਜੈਵਰਧਨ ਸਿੰਘ ਦੇ ਕੱਪੜੇ ਫਟ ਗਏ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਵੱਲੋਂ ਬਲ ਪ੍ਰਯੋਗ ਕਾਰਨ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਇਸ ਦੌਰਾਨ ਏਐੱਸਪੀ ਅੰਕਿਤ ਜੈਸਵਾਲ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਛੇ ਬੱਸਾਂ ਵਿੱਚ ਭਰ ਕੇ ਹਿਰਾਸਤ ਵਿੱਚ ਲਿਆ ਗਿਆ ਤੇ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।