ਕਿਸਾਨ ਟਰੈਕਟਰ ਰੈਲੀ ਦੌਰਾਨ 26 ਜਨਵਰੀ ਨੂੰ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਤੀਸ ਹਜ਼ਾਰੀ ਅਦਾਲਤ ਵਿੱਚ ਡਿਊਟੀ ਮੈਜਿਸਟਰੇਟ ਸਾਹਿਲ ਮੋਂਗਾ ਅੱਗੇ 3000 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਚਾਰਜਸ਼ੀਟ ’ਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਮੁਲਜ਼ਮਾਂ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਹਿੰਸਾ ਨਾਲ ਜੁੜੇ ਸਬੂਤਾਂ ਨੂੰ ਚਾਰਜਸ਼ੀਟ ਦਾ ਆਧਾਰ ਬਣਾਇਆ ਗਿਆ ਹੈ।ਚਾਰਜਸ਼ੀਟ ’ਚ ਦੋਸ਼ ਲਾਇਆ ਗਿਆ ਹੈ ਕਿ ਲਾਲ ਕਿਲੇ ਵਿੱਚ ਭੰਨ-ਤੋੜ ਲਈ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਪੁਲਿਸ ਅਤੇ ਕਿਸਾਨ ਆਗੂਆਂ ਵਿਚਾਲੇ ਤਿੰਨ ਮਾਰਗਾਂ ਤੋਂ ਟਰੈਕਟਰ ਰੈਲੀ ਕੱਢਣ ਲਈ ਹੋਏ ਸਮਝੌਤੇ ਨੂੰ ਤੋੜਨ ਦੀ ਪਹਿਲਾਂ ਤੋਂ ਸੋਚੀ-ਸਮਝੀ ਤੇ ਚੰਗੇ ਤਾਲਮੇਲ ਨਾਲ ਯੋਜਨਾ ਬਣਾਈ ਸੀ। ਪੁਲਿਸ ਵੱਲੋਂ ਇਕਬਾਲ ਸਿੰਘ ਦੇ ਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਜੋ ਫੇਸਬੁੱਕ’ਤੇ ‘ਲਾਈਵ’ ਹੋਇਆ ਸੀ ਅਤੇ ਉਸ ’ਤੇ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦਾ ਦੋਸ਼ ਲਾਇਆ ਗਿਆ ਹੈ। ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਦਾ ਪਿੱਛਾ ਕਰਕੇ ਉਨ੍ਹਾਂ ’ਤੇ ਹਮਲਾ ਕੀਤਾ। ਉਨ੍ਹਾਂ ਕੋਲ ਮੌਜੂਦ ਲਾਠੀਆਂ ਅਤੇ ਹੋਰ ਸਾਮਾਨ ਨੂੰ ਲੁੱਟ ਲਿਆ ਗਿਆ ਤੇ ਇਕ ਟਾਇਲਟ ਵਿੱਚ ਬੰਦ ਕਰ ਦਿੱਤਾ ਗਿਆ। ਹਿੰਸਾ ਲਈ ਗ੍ਰਿਫ਼ਤਾਰ ਕੀਤੇ ਗਏ 16 ਵਿਅਕਤੀਆਂ ਵਿੱਚੋਂ 13 ਹੁਣ ਜ਼ਮਾਨਤ ’ਤੇ ਹਨ।