ਪੰਜਾਬ ਸਰਕਾਰ ਨੇ ਸੂਬੇ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਾਲ ਹੀ ‘ਚ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਈ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਇਸੇ ਕੜੀ ਤਹਿਤ ਅੱਜ ਮਾਨ ਸਰਕਾਰ ਨੇ ਪਠਾਨਕੋਟ ਦੇ ਮਾਈਨਿੰਗ ਅਫ਼ਸਰ ਜਿਓਲੌਜਿਸਟ ਗਗਨ ਨੂੰ ਤੱਤਕਾਲ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਉਕਤ ਅਧਿਕਾਰੀ ‘ਤੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ, ਰੋਪੜ ਅਤੇ ਪਠਾਨਕੋਟ ਦੇ ਰੇਤ ਦੇ ਖੱਡਿਆਂ ਦਾ ਪਤਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਵੀ ਦੱਸਿਆ ਗਿਆ ਹੈ ਕਿ ਸਸਪੈਂਡ ਕੀਤੇ ਮਾਈਨਿੰਗ ਅਫ਼ਸਰ ਗਗਨ ਦੀ ਸਿਆਸੀ ਪਹੁੰਚ ਕਾਫੀ ਉੱਚੀ ਸੀ, ਜਿਸ ਕਾਰਨ ਉਹ ਹੁਣ ਤੱਕ ਕਾਰਵਾਈ ਤੋਂ ਬਚਿਆ ਰਿਹਾ ਪਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਉਕਤ ਅਧਿਕਾਰੀ ‘ਤੇ ਸ਼ਿਕੰਜਾ ਕੱਸ ਦਿੱਤਾ ਗਿਆ ਹੈ।
ਉੱਧਰ, ਖਨਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਕੋਤਾਹੀ ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਮੁਖੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਮਾਈਨਿੰਗ ਨੂੰ ਲੈ ਕੇ ਇਕ ਅਜਿਹੀ ਨੀਤੀ ਲੈ ਕੇ ਆਵੇਗੀ, ਜਿਸ ਨਾਲ ਨਾ ਸਿਰਫ਼ ਨਾਜਾਇਜ਼ ਮਾਈਨਿੰਗ ਦਾ ਪੂਰੀ ਤਰ੍ਹਾਂ ਖਾਤਮਾ ਹੋਵੇਗਾ ਸਗੋਂ ਸੂਬਾ ਵਾਸੀਆਂ ਨੂੰ ਸਸਤੇ ਰੇਟਾਂ ’ਤੇ ਰੇਤ ਵੀ ਮਿਲੇਗੀ।