ਹਰਿਆਣਾ ਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਸਾਬਕਾ ਵਿਧਾਇਕ ਕੁਲਦੀਪ ਬਿਸ਼ਨੋਈ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਸਮਾਗਮ ਦੌਰਾਨ ਆਪਣੀ ਪਤਨੀ ਸਾਬਕਾ ਵਿਧਾਇਕ ਰੇਣੂਕਾ ਬਿਸ਼ਨੋਈ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸਮਾਗਮ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ, ਰਾਜ ਸਭਾ ਮੈਂਬਰ ਅਨਿਲ ਬਲੂਨੀ ਅਤੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਵੀ ਮੌਜੂਦ ਸਨ। ਜਿਕਰਯੋਗ ਹੌਈ ਕਿ ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਲਦੀਪ ਬਿਸ਼ਨੋਈ ਦੇ ਨਾਲ ਉਨ੍ਹਾਂ ਦਾ ਬੇਟਾ ਭਵਿਆ ਬਿਸ਼ਨੋਈ, ਮਾਂ ਜਸਮਾ ਦੇਵੀ ਅਤੇ ਪਤਨੀ ਰੇਣੂਕਾ ਬਿਸ਼ਨੋਈ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਬਿਸ਼ਨੋਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨਾਲ ਉਨ੍ਹਾਂ ਦਾ ਤਿੰਨ ਸਾਲ ਗੱਠਜੋੜ ਰਿਹਾ ਹੈ। ਇਸ ਤੋਂ ਬਾਅਦ ਦੋਵਾਂ ਵਿਚਾਲੇ ਮੱਤਭੇਦ ਜ਼ਰੂਰ ਹੋਏ ਪਰ ਮਨਭੇਦ ਕਦੇ ਨਹੀਂ ਹੋਇਆ। ਇਸ ਦੌਰਾਨ ਬਿਸ਼ਨੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕੰਮਕਾਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੇ ਹਿੱਤਾਂ ਲਈ ਸੋਚਣ ਵਾਲੇ ਸਿਆਸਤਦਾਨਾਂ ਦੀ ਅਗਵਾਈ ਵਿੱਚ ਰਹਿ ਕੇ ਲੋਕਾਂ ਲਈ ਵਧੀਆ ਫ਼ੈਸਲੇ ਲੈਣ ਦਾ ਮੌਕਾ ਮਿਲੇਗਾ।
ਸਾਬਕਾ ਵਿਧਾਇਕ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ, ‘‘ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਣ-ਸਨਮਾਨ ਘੱਟ ਦੇ ਦੇਣਾ ਪਰ ਮੇਰੇ ਹਮਾਇਤੀਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇ।’’