ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਉਸ ਦਾ ਪਿੱਛਾ ਨਹੀਂ ਛੱਡ ਰਹੇ ਸੀ ਕਿ ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ।
ਇਹ ਕਿਆਸ ਲਗਾਏ ਜਾ ਰਹੇ ਹਨ ਪੰਜਾਬ ਪੁਲਿਸ ਸੁਮੇਧ ਸੈਣੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਸਕਦੀ ਹੈ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਸੁਮੇਧ ਸੈਣੀ ਦੇ ਘਰ ਦੇ ਬਾਹਰ ਤਾਇਨਾਤ ਹੈ ਤੇ ਇਹ ਦੇਖਿਆ ਜਾਵੇਗਾ ਕਿ ਵਿਜੀਲੈਂਸ ਵੱਲੋਂ ਸਾਬਕਾ ਡੀ. ਜੀ. ਪੀ. ਤੋਂ ਸਿਰਫ ਪੁੱਛਗਿਛ ਕੀਤੀ ਜਾਵੇਗੀ ਜਾਂ ਫਿਰ ਉਨ੍ਹਾਂ ਖਿਲਾਫ ਕੋਈ ਵੱਡੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਕੋਈ ਵੀ ਸੀਨੀਅਰ ਜਾਂ ਜੂਨੀਅਰ ਅਧਿਕਾਰੀ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ। ਉਧਰ, ਪੁਲੀਸ ਦੇ ਆਉਣ ਦੀ ਸੂਚਨਾ ਮਿਲਦੇ ਹੀ ਸੈਣੀ ਦੇ ਵਕੀਲ ਵੀ ਉੱਥੇ ਪਹੁੰਚ ਗਏ ਹਨ, ਪਰ ਖ਼ਬਰ ਲਿਖੇ ਜਾਣ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਸਾਬਕਾ ਡੀਜੀਪੀ ਇਸ ਸਮੇਂ ਆਪਣੀ ਕੋਠੀ ਵਿੱਚ ਸਨ ਜਾਂ ਚੰਡੀਗੜ੍ਹ ਤੋਂ ਬਾਹਰ।
ਚੰਡੀਗੜ੍ਹ ਵਾਲੀ ਇਸ ਕੋਠੀ ਬਾਰੇ ਪਿਛਲੇ ਦਿਨੀਂ ਵੀ ਕਾਫ਼ੀ ਵਿਵਾਦ ਛਿੜਿਆ ਸੀ। ਕਿਹਾ ਜਾ ਰਿਹਾ ਹੈ ਕਿ ਸੁਮੈਧ ਸੈਣੀ ਵੱਲੋਂ ਇਹ ਕੋਠੀ ਗ਼ਲਤ ਤਰੀਕੇ ਨਾਲ ਖ਼ਰੀਦੀ ਗਈ ਹੈ। ਕੋਠੀ ਦੀ ਰੈਂਟ ਡੀਡ ਅਤੇ ਖ਼ਰੀਦ ਸਬੰਧੀ ਦਸਤਾਵੇਜ਼ਾਂ ਅਤੇ ਪੈਸਿਆਂ ਦਾ ਲੈਣ ਦੇਣ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ। ਮੁਲਤਾਨੀ ਕੇਸ ਵਿੱਚ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਬਲੈਂਕੇਟ ਬੇਲ ਮਿਲੀ ਹੋਈ ਹੈ।