ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਹਨ। ਸ੍ਰੀ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ।
ਅਕਾਲੀ ਦਲ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਆਗੂ ਡਾ.ਦਲਜੀਤ ਚੀਮਾ ਨੇ ਕਿਹਾ ਕਿ ਸੰਗਤ ਦੀ ਭਾਵਨਾ ਨੂੰ ਸਮਝਣ ਲਈ ਉਹ ਚੋਣ ਕਮਿਸ਼ਨ ਦੇ ਧੰਨਵਾਦੀ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਮੇਤ ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਤਰੀਕ ਵਧਾਉਣ ਦੀ ਅਪੀਲ ਕੀਤੀ ਸੀ ਅਤੇ ਅੱਜ ਅਸੀਂ ਚੋਣ ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।
ਦੂਜੇ ਪਾਸੇ ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਸ੍ਰੀ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਬਨਾਰਸ ਜਾਂਦੀਆਂ ਹਨ ਅਤੇ ਹੁਣ ਲੋਕ ਆਰਾਮ ਨਾਲ ਦਰਸ਼ਨ ਕਰ ਸਕਣਗੇ ਅਤੇ ਆਪਣੇ ਹੱਕ ਦੀ ਵਰਤੋਂ ਵੀ ਕਰਨਗੇ |