ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ | ਜਿਸ ਤੋਂ ਬਾਅਦ ਅੱਜ ਮੁੜ ਸਕੂਲਾਂ ਖੁਲ੍ਹੇ ਹਨ ਤੇ ਸਕੂਲਾਂ ਦੇ ਵਿੱਚ ਰੌਣਕ ਮੁੜ ਆਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸੂਬੇ ਭਰ ‘ਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਸਕੂਲ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲਾਂ ਉਸ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦਾ ਕੰਸੈਪਟ ਲੇਟਰ ਯਾਨੀ ਕਿ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਤਾ-ਪਿਤਾ ਦੀ ਸਹਿਮਤੀ ਦਾ ਚਿੱਠੀ ਵੀ ਚੈੱਕ ਕੀਤੀ ਜਾ ਰਹੀ ਹੈ।
ਇਸ ਦੇ ਬਿਨਾਂ ਵਿਦਿਆਰਥੀਆਂ ਨੂੰ ਸਕੂਲ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਤੁਹਾਨੂੰ ਦੱਸ ਦੇਈਏ ਕਿ ਸੂਬਾ ਸਰਕਾਰ ਨੇ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ, ਜਿਵੇਂ ਕਿ ਸਕੂਲ ਦੇ ਅੰਦਰ ਮਾਸਕ ਪਹਿਨਣਾ ਲਾਜ਼ਮੀ ਹੈ, ਜਿਸ ਕਰਕੇ ਜਿਨ੍ਹਾਂ ਬੱਚਿਆਂ ਨੇ ਮਾਸਕ ਨਹੀਂ ਲਗਾਏ, ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਲਾਸਾਂ ’ਚ ਬੱਚਿਆਂ ਵਿਚਾਲੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤਾਂਕਿ ਕੋਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ।
ਜ਼ਿਕਰ ਏ ਖਾਸ ਹੈ ਕਿ ਕੋਰੋਨਾ ਕਾਲ ਦੌਰਾਨ ਸੂਬਾ ਸਰਕਾਰ ਨੇ ਸਕੂਲ ਬੰਦ ਕਰ ਦਿੱਤੇ ਸਨ ਤਾਂ ਜੋ ਕੋਰੋਨਾ ਦੀ ਬਿਮਾਰੀ ਬੱਚਿਆਂ ਤੱਕ ਨਾ ਪਹੁੰਚੇ ਤੇ ਹੁਣ ਜਿਵੇਂ ਜਿਵੇਂ ਕੋਰੋਨਾ ਦਾ ਕਹਿਰ ਘਟਦਾ ਜਾ ਰਿਹਾ ਹੈ ਤਾਂ ਸਰਕਾਰ ਵੱਲੋਂ ਲੋਕਾਂ ਨੂੰ ਢਿੱਲ ਦਿੱਤੀ ਜਾ ਰਹੀ ਹੈ, ਇਹੀ ਵਜ੍ਹਾ ਹੈ ਕਿ ਸੂਬਾ ਸਰਕਾਰ ਵੱਲੋਂ ਹੁਣ ਸਕੂਲ ਖੋਲ ਦਿੱਤੇ ਗਏ ਹਨ।