ਪੰਜਾਬ ਵਿਚ ਲਗਾਤਾਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਬੋਕੇ ਦਾ ਹੈ, ਜਿੱਥੇ ਸਰਹੱਦੀ ਪਿੰਡ ਦੋਨਾਂ ਤੇਲੂ ਮਲ ਦੇ ਰਹਿਣ ਵਾਲੇ ਕਾਰਜ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚੀ ਵਿਚ ਰਖਵਾਇਆ ਗਿਆ ਹੈ। ਇਸ ਹਮਲੇ ਵਿਚ ਕਾਰਜ ਦਾ ਛੋਟਾ ਭਰਾ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਵਾਰਦਾਤ ਪੁਰਾਣੀ ਰੰਜਿਸ਼ ਕਾਰਣ ਵਾਪਰੀ ਦੱਸੀ ਜਾ ਰਹੀ ਹੈ, ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਗਈ ਹੈ।
ਮੌਕੇ ’ਤੇ ਪਹੁੰਚੇ ਡੀ. ਐੱਸ. ਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ, ਜਿਸ ਵਿਚ 35 ਸਾਲਾ ਕਾਰਜ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।