ਜਲਦ ਹੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਰਲੇਵਾਂ ਹੋਣ ਦੇ ਆਸਾਰ ਹਨ। ਇਸ ਸਬੰਧੀ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ 6 ਮੈਂਬਰੀ ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਹਿਲਕਦਮੀ ‘ਤੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ‘ਚ ਜੱਥੇਦਾਰ ਉਜਾਗਰ ਸਿੰਘ ਬੰਡਾਲੀ ਸਾਬਕਾ ਵਿਧਾਇਕ, ਜੱਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਸ਼ਾਮਲ ਹਨ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਵੱਲੋਂ ਜਗਦੀਸ਼ ਸਿੰਘ ਗਰਚਾ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ. ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਸ. ਸ਼ਿੰਦਰਪਾਲ ਸਿੰਘ ਬਰਾੜ ਦੀ ਇਕ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੀ ਲੰਬੀ ਮੀਟਿੰਗ ਕੀਤੀ ਗਈ।
ਦੋਹਾਂ ਕਮੇਟੀਆ ਨੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਏਕਤਾ ਕਰਕੇ ਇੱਕ ਹੋਣਾ ਬੇਹੱਦ ਜ਼ਰੂਰੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਦੋਹਾਂ ਏਕਤਾ ਕਮੇਟੀਆਂ ਦੀ ਅਗਲੀ ਮੀਟਿੰਗ 17 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਰਣਜੀਤ ਸਿੰਘ ਤਲਵੰਡੀ ਦੇ ਗ੍ਰਹਿ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸਪੂੰਰਨ ਏਕਤਾ ਲਈ ਸਮੁੱਚਾ ਖਾਕਾ ਤਿਆਰ ਕੀਤਾ ਜਾਵੇਗਾ।