ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਛੇ ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 26 ਮਈ ਨੂੰ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ। ਪਰ ਕੋਰੋਨਾਵਾਇਰਸ ਦੀ ਦੂਜੀ ਲਹਿਰ ਦਰਮਿਆਨ ਸਰਕਾਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਅਜਿਹੇ ਮੌਕੇ ਕਿਸਾਨ ‘ਸੁਪਰ-ਸਪ੍ਰੈਡਰ’ ਬਣ ਸਕਦੇ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਕੋਰੋਨਾ ਵਾਇਰਸ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਲਾਗ ਤੇਜ਼ੀ ਨਾਲ ਫੈਲ ਸਕਦੀ ਹੈ। ਕਿਸਾਨਾਂ ਨੇ ਸੂਬਾ ਸਰਕਾਰ ਉੱਪਰ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਂਦਿਆਂ 28 ਮਈ ਨੂੰ ਪਟਿਆਲਾ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਕੈਪਟਨ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਪਹਿਲਾਂ ਤੋਂ ਹੀ ਦੂਜੀ ਲਹਿਰ ਦੀ ਮਾਰ ਝੱਲ ਰਹੇ ਦਿਹਾਤੀ ਖੇਤਰ ਵਿੱਚ ਵੱਸਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ।