ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੇ ਪੰਜਾਬ ਭਰ ਤੋਂ ਵੱਖ-ਵੱਖ ਜ਼ਿਲਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਇਸ ਮੀਟਿੰਗ ਸਬੰਧੀ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਦੀਆਂ ਸੱਤ ਮਜ਼ਦੂਰ ਯੂਨੀਅਨਾਂ ਵੱਲੋਂ 9 ਤੋਂ 11 ਅਗਸਤ ਨੂੰ ਪਟਿਆਲਾ ਵਿਚ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਕਿਸਾਨ ਜਥੇਬੰਦੀ ਵੱਲੋਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸੇ ਤਰ੍ਹਾਂ 27 ਤੋਂ 28 ਜੁਲਾਈ ਨੂੰ ਭਾਜਪਾ ਲੀਡਰਾਂ ਦੇ ਘਿਰਾਓ ਕਰਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਰੋਸ ਪ੍ਰਦਰਸ਼ਨ ਵਿੱਚ ਸਮੂਲੀਅਤ ਕਰਨ ਸਬੰਧੀ ਜਥੇਬੰਦੀ ਵੱਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਲਾਮਬੰਦੀ ਕੀਤੀ ਜਾਵੇਗੀ।
ਉਹਨਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਖੇਤੀ ਨੂੰ ਰੱਦ ਨਾ ਕਰਨ ਅਤੇ ਕਿਸਾਨਾਂ ਨਾਲ ਗੱਲਬਾਤ ਦੇ ਸੱਦੇ ਸਬੰਧੀ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ, ਜਿਨਾਂ ਸਮਾਂ ਇਹ ਇੱਕ ਨੂੰ ਰੱਦ ਨਹੀਂ ਹੁੰਦੇ। ਸਰਕਾਰ ਕਿਸੇ ਨਾ ਕਿਸੇ ਬਹਾਨੇ ਕਿਸਾਨ ਅੰਦੋਲਨ ਨੂੰ ਫੇਲ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੂੰ ਇਹ ਭੁਲੇਖਾ ਅਪਣੇ ਮੰਨ ਵਿਚੋ ਕੱਢ ਦੇਣਾ ਚਾਹੀਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਉਹਨਾਂ ਦੇ ਸੰਘਰਸ਼ ਤੋਂ ਕੇਂਦਰ ਸਰਕਾਰ ਪੂਰੀ ਤਰਾਂ ਹਿੱਲੀ ਹੋਈ ਹੈ।
ਆਉਣ ਵਾਲੇ ਮੌਨਸੂਨ ਸੈਸ਼ਨ ਦੌਰਾਨ ਕਿਸਾਨ ਮੋਰਚੇ ਵੱਲੋਂ ਪਾਰਲੀਮੈਂਟ ਅੱਗੇ ਜਾ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। 22 ਜੁਲਾਈ ਤੋਂ ਲਗਾਤਾਰ ਕਿਸਾਨਾਂ ਦੇ ਜਥੇ ਪਾਰਲੀਮੈਂਟ ਵੱਲ ਆਪਣੀਆਂ ਮੰਗਾਂ ਨੂੰ ਲੈ ਕੇ ਰਵਾਨਾ ਹੋਣਗੇ। ਕਿਸਾਨ ਆਪਣੀਆਂ ਗ੍ਰਿਫਤਾਰੀਆਂ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਚੋਣ ਲੜਨ ਦਾ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਇਰਾਦਾ ਨਹੀਂ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਚੋਣ ਲੜਨ ਸਬੰਧੀ ਆਪਣਾ ਨਿੱਜੀ ਬਿਆਨ ਦਿੱਤਾ ਗਿਆ ਹੈ, ਜਦਕਿ ਖੇਤੀ ਕਾਨੂੰਨਾਂ ਦੇ ਚੱਲਦੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਦਾ ਚੋਣ ਲੜਨ ਦਾ ਕੋਈ ਮਨ ਨਹੀਂ ਹੈ।