ਕਿਸਾਨੀ ਅੰਦੋਲਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੁੱਠੀ ਭਰ ਲੋਕ ਅੰਦੋਲਨ ਚਲਾ ਰਹੇ ਹਨ। ਕਿਸਾਨ ਵਿਰੋਧ ਨਹੀਂ, ਵਿਰੋਧ ਦਾ ਏਜੰਡਾ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਪ੍ਰਦਰਸ਼ਨ ਕਰਨਾ ਹਰ ਇਕ ਨਾਗਰਿਕ ਦਾ ਹੱਕ ਹੈ, ਪਰ ਕਈ ਲੋਕ ਆਪਣਾ ਸਿਆਸੀ ਹੱਲ ਵੀ ਕਰ ਰਹੇ ਹਨ। ਉਨ੍ਹਾਂ ਅੰਦੋਲਨ ਤੇ ਮੁੜ ਤੋਂ ਸਵਾਲ ਚੁੱਕੇ।
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੇ ਇਕ ਵਫ਼ਦ ਨੇ ਮੰਗਲਵਾਰ ਨੂੰ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਸੂਬੇ ਦੇ ਹਰ ਪਿੰਡ ’ਚ ਕਾਨੂੰਨਾਂ ਬਾਰੇ ਜਾਗਰੂਕਤਾ ਲਿਆਉਣ ਦੇ ਲਿਹਾਜ਼ ਨਾਲ ਤੱਥਾਂ ਦੀ ਜਾਣਕਾਰੀ ਰੱਖਣ ਵਾਲੇ 30-40 ਮੈਂਬਰਾਂ ਦੇ ਸਮੂਹ ਗਠਿਤ ਕਰੇ, ਜੋ ਪਿੰਡ-ਪਿੰਡ ਜਾ ਕੇ ਹੋਰਨਾਂ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਫਾਇਦੇ ਅਤੇ ਉਨ੍ਹਾਂ ਦੀਆਂ ਬਾਰੀਕੀਆਂ ਬਾਰੇ ਦੱਸਣ। ਇਸ ਵਫ਼ਦ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਹਰਿਆਣਾ ਸੂਬੇ ਦੇ ਆਗੂ ਗੁਣੀ ਪ੍ਰਕਾਸ਼ ਨੇ ਕੀਤਾ।
ਖੱਟੜ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਬਜਾਏ ਹਰ ਕਿਸਾਨ ਨੂੰ ਇਨ੍ਹਾਂ ਕਾਨੂੰਨਾਂ ਦੇ ਫਾਇਦਿਆਂ ਬਾਰੇ ਬਾਖੂਬੀ ਪਤਾ ਹੋਣਾ ਚਾਹੀਦਾ ਹੈ, ਤਾਂ ਕਿ ਗਲਤ ਸੂਚਨਾਵਾਂ ਫੈਲਾਉਣ ਵਾਲੇ ਅਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੇ ਆਪਣੇ ਨਿੱਜੀ ਸਵਾਰਥ ’ਚ ਸਫ਼ਲ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਉੱਚਿਤ ਜਾਣਕਾਰੀ ਪ੍ਰਦਾਨ ਕਰਨ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਸਿੱਖਿਅਕ ਕੀਤਾ ਜਾਣਾ ਚਾਹੀਦਾ ਹੈ।