ਮਾਨਸਾ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਵਸਨੀਕ ਨੂੰ ਗ੍ਰਿਫ਼ਤਾਰ ਕਰਕੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਉਸ ਦੇ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮੂਸੇਵਾਲਾ ਨੇ ਮਾਨਸਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ।ਪੁਲੀਸ ਨੇ ਮਨਮੋਹਨ ਸਿੰਘ ਮੋਹਣਾ ਨੂੰ ਮਾਨਸਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਅਦਾਲਤ ਤੋਂ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਪਤਾ ਲੱਗਾ ਹੈ ਕਿ ਮੋਹਾਣਾ ਨੇ ਜਨਵਰੀ-ਫਰਵਰੀ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।
ਪੁਲਿਸ ਅਨੁਸਾਰ ਮਨਮੋਹਨ ਸਿੰਘ ਮੋਹਣਾ ਹੁਣ ਤੱਕ ਗ੍ਰਿਫ਼ਤਾਰ ਕੀਤਾ ਗਿਆ ਇੱਕੋ ਇੱਕ ਸ਼ੱਕੀ ਵਿਅਕਤੀ ਹੈ ਜੋ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਆਪਣੇ ਘਰੋਂ ਐਤਵਾਰ 29 ਮਈ ਨੂੰ ਬੁਲੇਟ ਪਰੂਫ ਗੱਡੀ ਛੱਡ ਕਾਲੀ ਥਾਰ ‘ਚ ਆਪਣੇ ਦੋਸਤਾਂ ਨਾਲ ਬਾਹਰ ਗਿਆ।ਜਿਸ ਦੌਰਾਨ ਪਿੰਡ ਜਵਾਹਰਕੇ ਵਿਖੇ ਐਤਵਾਰ 29 ਮਈ ਸ਼ਾਮ 5 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।