ਉੱਤਰ ਪ੍ਰਦੇਸ਼ ਦੇ ਮੰਤਰੀ ਦਾਰਾ ਸਿੰਘ ਚੌਹਾਨ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਉੱਤਰ ਪ੍ਰਦੇਸ਼ ਦੇ ਦੂਜੇ ਮੰਤਰੀ ਹਨ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਕਿਰਤ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਮੰਗਲਵਾਰ ਨੂੰ ਕੈਬਨਿਟ ਅਤੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਚਾਰ ਹੋਰ ਵਿਧਾਇਕਾਂ ਨੇ ਵੀ ਉਨ੍ਹਾਂ ਦੇ ਸਮਰਥਨ ਵਿੱਚ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਦਾਰਾ ਸਿੰਘ ਚੌਹਾਨ ਉੱਤਰ ਪ੍ਰਦੇਸ਼ ਸਰਕਾਰ ਵਿੱਚ ਜੰਗਲਾਤ ਅਤੇ ਵਾਤਾਵਰਣ ਮੰਤਰੀ ਹਨ ਅਤੇ ਉਹ ਮਊ ਦੀ ਮਧੂਬਨ ਸੀਟ ਤੋਂ ਵਿਧਾਇਕ ਹਨ।
ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਪ੍ਰਦੇਸ਼ ਸਰਕਾਰ ਨੇ ਪਿਛੜੀਆਂ, ਵਾਂਝੀਆ, ਦਲਿਤਾਂ, ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਘੋਰ ਅਣਗੌਲਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛੜੀਆਂ ਅਤੇ ਦਲਿਤਾਂ ਦੇ ਰਾਖਵਾਂਕਰਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਦਾਰਾ ਸਿੰਘ ਚੌਹਾਨ ਨੇ ਕਿਹਾ ਕਿ ਸਰਕਾਰ ਦੇ ਅਜਿਹੇ ਰਵੱਈਏ ਨਾਲ ਉਹ ਪਰੇਸ਼ਾਨ ਹੋ ਕੇ ਅਸਤੀਫਾ ਦੇ ਰਹੇ ਹਨ।