ਚੱਕਰ ਆਉਣ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਰੋਹਤਕ ਵਿੱਚ ਦਾਖਲ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਕੋਵਿਡ-19 ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੰਸਥਾਨ ਦੇ ਡਾਇਰੈਕਟਰ ਨੇ ਕਿਹਾ ਕਿ ਡੇਰਾ ਮੁਖੀ ਦੀ ਹਾਲਤ ਸਥਿਰ ਹੈ। ਬਲਾਤਕਾਰ ਤੇ ਕਤਲ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਬੀਤੇ ਦਿਨ ਸਖਤ ਸੁਰੱਖਿਆ ਹੇਠ ਇਥੇ ਭਰਤੀ ਕਰਵਾਇਆ ਗਿਆ ਸੀ। ਸੂਤਰਾਂ ਅਨੁਸਾਰ ਡੇਰੇ ਮੁਖੀ ਹਾਈਪਰਟੈਨਸ਼ਨ ਅਤੇ ਸ਼ੂਗਰ ਦਾ ਮਰੀਜ਼ ਹੈ ਤੇ ਉਸ ਨੂੰ ਚੱਕਰ ਵੀ ਆ ਰਹੇ ਹਨ। ਪੀਜੀਆਈ ਦੇ ਪ੍ਰਸ਼ਾਸਕੀ ਅਧਿਕਾਰੀਆਂ ਨੇ ਦੱਸਿਆ ਕਿ ਹਾਲਤ ਠੀਕ ਨਾ ਹੋਣ ਦੇ ਬਾਵਜੂਦ ਡੇਰਾ ਮੁਖੀ ਨੇ ਕੋਵਿਡ ਟੈਸਟ ਲਈ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ।