ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਣੀਪੁਰ ‘ਚ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਰੱਖਿਆ ਕਰਨ ‘ਚ ਅਸਮਰਥ ਹੈ। ਮਨੀਪੁਰ ‘ਚ ਸ਼ਨੀਵਾਰ ਨੂੰ ਹੋਏ ਹਮਲੇ ‘ਚ ਅਸਾਮ ਰਾਈਫਲਜ਼ ਦੀ ਬਟਾਲੀਅਨ ਦੇ ਕਮਾਂਡਿੰਗ ਅਫਸਰ ਸਮੇਤ 5 ਜਵਾਨ ਸ਼ਹੀਦ ਹੋ ਗਏ। ਇਸ ਹਮਲੇ ਵਿੱਚ ਕਮਾਂਡਿੰਗ ਅਫਸਰ ਕਰਨਲ ਬਿਪਲਬ ਤ੍ਰਿਪਾਠੀ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ‘ਤੇ ਹਮਲਾ ਕਰਦੇ ਹੋਏ ਰਾਹੁਲ ਗਾਂਧੀ ਨੇ ਟਵੀਟ ਕੀਤਾ, “ਮਣੀਪੁਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਇਕ ਵਾਰ ਫਿਰ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੇਸ਼ ਦੀ ਰੱਖਿਆ ਕਰਨ ‘ਚ ਅਸਮਰੱਥ ਹੈ।” ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਮੇਰੀ ਸ਼ਰਧਾਂਜਲੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਹੈ। ਕੌਮ ਤੁਹਾਡੀ ਕੁਰਬਾਨੀ ਨੂੰ ਯਾਦ ਰੱਖੇਗੀ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਣੀਪੁਰ ਦੇ ਚੁਰਾਚੰਦਪੁਰ ਵਿੱਚ ਅਸਾਮ ਰਾਈਫਲਜ਼ ਦੇ ਕਾਫ਼ਲੇ ਉੱਤੇ ਹੋਏ ਹਮਲੇ ਵਿੱਚ ਕਮਾਂਡਿੰਗ ਅਫ਼ਸਰ (ਸੀਓ) ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਹਨ। ਹਮਲੇ ਵਿੱਚ ਸੀਓ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਮੌਤ ਹੋ ਗਈ ਸੀ। ਇਸ ਨੂੰ ਕਾਇਰਤਾ ਭਰਿਆ ਹਮਲਾ ਕਰਾਰ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਦੇ ਦੋਸ਼ੀਆਂ ਨੂੰ ਜਲਦੀ ਹੀ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, ”ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਦੋਸ਼ੀਆਂ ਨੂੰ ਜਲਦ ਹੀ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।”