ਸ਼੍ਰੋਮਣੀ ਅਕਾਲੀ ਦਲ (ਸੰਯੂਕਤ) ਦੇ ਸੀਨੀਅਰ ਆਗੂ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ‘ਤੇ ਬੀਤੇ ਦਿਨ ਈ.ਡੀ ਦੇ ਛਾਪੇ ਦੌਰਾਨ 10 ਕਰੋੜ ਦੀ ਵੱਡੀ ਰਕਮ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਨੇ ਚਰਨਜੀਤ ਸਿੰਘ ਚੰਨੀ ਦੇ ਨਾਟਕਾਂ ਦਾ ਪਰਦਾਫਾਸ਼ ਕਰ ਦਿੱਤਾ ਹੈ।
ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਘਰੋਂ ਮਿਲੇ ਕਰੋੜਾਂ ਰੁਪਏ ਨੇ ਕਾਂਗਰਸ ਸਰਕਾਰ ਅਤੇ ਰੇਤ ਮਾਫੀਆ ਵਿਚਾਲੇ ਚੱਲ ਰਹੀ ਮਿਲੀਭੁਗਤ ਦਾ ਪਰਦਾਫਾਸ਼ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਜਾਇਜ਼ ਤੌਰ ‘ਤੇ ਇਕੱਠੀ ਕੀਤੀ ਇਹ ਵੱਡੀ ਰਕਮ ਚੋਣਾਂ ‘ਚ ਖਰਚ ਕੀਤੀ ਜਾ ਰਹੀ ਹੈ ਅਤੇ ਸੱਤਾ ਹਾਸਲ ਕਰਨ ਲਈ ਕਈ ਕਰੋੜ ਰੁਪਏ ਪਾਣੀ ਵਾਂਗ ਬਰਬਾਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਕਾਂਗਰਸੀ ਉਮੀਦਵਾਰਾਂ ਤੋਂ ਵੀ ਕਰੋੜਾਂ ਰੁਪਏ ਦੀ ਵਸੂਲੀ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਪਣੇ ਕਰੀਬੀ ਰਿਸ਼ਤੇਦਾਰ ਦੇ ਘਰੋਂ ਬਰਾਮਦ ਹੋਏ ਕਰੋੜਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਈ.ਡੀ. ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾ ਰਹੇ ਹਨ। ਜਦਕਿ ਉਹ ਸੂਬੇ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਇੰਨੀ ਵੱਡੀ ਰਕਮ ਉਨ੍ਹਾਂ ਦੇ ਰਿਸ਼ਤੇਦਾਰ ਦੇ ਘਰ ਕਿਵੇਂ ਆਈ? ਢੀਂਡਸਾ ਨੇ ਦੋਸ਼ ਲਗਾਇਆ ਕਿ ਚਰਨਜੀਤ ਸਿੰਘ ਚੰਨੀ ਇੱਕ ਆਮ ਆਦਮੀ ਹੋਣ ਦਾ ਬਹਾਨਾ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਅਸਲ ਵਿੱਚ ਉਹ ਮੁੱਖ ਮੰਤਰੀ ਵਜੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਰੋੜਾਂ ਰੁਪਏ ਜਮ੍ਹਾ ਕਰ ਚੁੱਕੇ ਹਨ ਅਤੇ ਇਹ ਸਾਰਾ ਪੈਸਾ ਉਨ੍ਹਾਂ ਆਪਣੇ ਕਰੀਬੀਆਂ ਨੂੰ ਸੌਂਪ ਦਿੱਤਾ ਹੈ।