ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਕਈ ਸਿਆਸੀ ਆਗੂ ਆਪਣੀਆਂ ਪੁਰਾਣੀਆਂ ਪਾਰਟੀਆਂ ਛੱਡ ਕੇ ਨਵੀਂ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਇਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ ਹੈ।
ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ। ਦੱਸ ਦਈਏ ਕਿ ਲਾਲੀ ਜੀਠੀਆ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਮੰਨੇ ਜਾਂਦੇ ਹਨ। ਉਹ ਮਜੀਠਾ ਹਲਕੇ ਤੋਂ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ ਵੀ ਚੋਣ ਲੜ ਚੁੱਕੇ ਹਨ।