ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ:ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜਿੰਨਾਂ ਦੀ ਸ਼ਹੀਦੀ ਨੂੰ ਹਰ ਕੋਈ ਪ੍ਰਣਾਮ ਕਰਦਾ ਹੈ। ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ਦੇ ਵਿੱਚ ਪਿਤਾ ਭਗਤਾ ਦੇ ਘਰ ਮਾਤਾ ਜਿਓਨੀ ਦੇ ਕੁੱਖੋਂ ਪਹੂਵਿੰਡ ਪਿੰਡ ਅੰਮ੍ਰਿਤਸਰ ਵਿਖੇ ਹੋਇਆ। 1699 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਦੇ ਸਥਾਪਿਤ ਕੀਤੇ ਖਾਲਸਾ ਪੰਥ ਦੇ ਵਿੱਚ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ
ਛਕਿਆ ਤੇ ਗੁਰੂ ਦੇ ਸਿੱਖ ਬਣ ਗਏ।
ਬਾਬਾ ਦੀਪ ਸਿੰਘ ਜੀ ਨੂੰ ਗੁਰੂ ਜੀ ਦਾ ਸਾਥ ਏਨਾ ਕ ਚੰਗਾ ਲੱਗਾ ਕਿ ਬਾਬਾ ਦੀਪ ਸਿੰਘ ਜੀ ਨੇ ਆਪਣੇ ਪਰਿਵਾਰ ਨੂੰ ਕਿਹਾ ਕਿ ਉਹ ਹੁਣ ਘਰ ਨਹੀਂ ਜਾਣਗੇ।ਭਾਵ ਬਾਬਾ ਦੀਪ ਸਿੰਘ ਜੀ ਹੁਣ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆ ‘ਤੇ ਚੱਲ ਕੇ ਆਪਣਾ ਜੀਵਨ ਗੁਰੂ ਦੇ ਚਰਨਾ ‘ਚ ਗੁਜਾਰਨਗੇ।ਬਾਬਾ ਦੀਪ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਨਾਲ ਬਹੁਤ ਸਮਾਂ ਗੁਜਾਰਿਆ ਤੇ ਇਥੇ ਬਾਬਾ ਜੀ ਨੇ ਸ਼ਸ਼ਤਰ ਵਿੱਦਿਆ ਦੇ ਨਾਲ ਗੁਰਮੁੱਖੀ ਪੜਨੀ ਤੇ ਲਿਖਣੀ ਸਿੱਖੀ।ਬਾਬਾ ਦੀਪ ਸਿੰਘ ਜੀ ਨੇ ਆਪਣੇ ਨਾਲ ਗੁਰੂਆਂ ਦੀ ਬਾਣੀ ਤੇ ਸ਼ਬਦਾਂ ਦੀ ਵਿਥਾਰ ਪੂਰਵਕ ਵਿਆਖਿਆ ਕੀਤੀ।ਬਾਬਾ ਦੀਪ ਸਿੰਘ ਜੀ ਨੇ ਅੰਨਦਪੁਰ ਸਾਹਿਬ ਵਿਖੇ ਦੋ ਸਾਲ ਦਾ ਸਮਾਂ ਗੁਜਾਰਿਆ ਤੇ 1702 ਦੇ ਵਿੱਚ ਆਪਣੇ ਪਿੰਡ ਪਰਤੇ ਤੇ ਫਿਰ 1705 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਦੀ ਗੁਰੂ ਗ੍ਰੰਥ ਸਾਹਿਬ ਜੀ ਚਾਰ ਕਾਪੀਆਂ ਲਿਖਣ ‘ਚ ਸਹਾਇਤਾ ਕੀਤੀ।
ਤਰਨ ਤਾਰਨ ਤੋਂ 10 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਗੋਹਲਵੜ ਪਿੰਡ ਕੋਲ ਜਾ ਕੇ ਬਾਬਾ ਜੀ ਨੇ ਆਪਣੇ ਸਿੰਘਾਂ ਦੇ ਜਥੇ ਨਾਲ ਦੁਸ਼ਮਣ ਦੀ ਫ਼ੌਜ ਨੂੰ ਲੜਾਈ ਲਈ ਲਲਕਾਰਿਆ। ਇਸ ਜਗ੍ਹਾ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਗੋਹਲਵੜ ਵਿੱਚ ਬਾਬਾ ਜੀ ਦਾ ਸਾਹਮਣਾ ਜਮਾਲ ਖ਼ਾਨ ਨਾਲ ਹੋਇਆ। ਜਹਾਨ ਖਾਨ ਨੂੰ ਵੀ ਸੂਹੀਏ ਰਾਹੀਂ ਪਤਾ ਲੱਗ ਗਿਆ ਕਿ ਸਿੱਖ ਉਨ੍ਹਾਂ ਉਂਪਰ ਹਮਲਾ ਕਰਨ ਲਈ ਆ ਰਹੇ ਹਨ।
ਇਹ ਖ਼ਬਰ ਸੁਣ ਕੇ ਜਹਾਨ ਖਾਨ ਨੇ ਆਪਣੇ ਸਹਾਇਕ ਅਤਾਈ ਖਾਨ ਨੂੰ ਸਿੱਖਾਂ ਉਂਤੇ ਹਮਲਾ ਕਰਨ ਦੇ ਆਦੇਸ਼ ਦਿੱਤੇ। ਜਹਾਨ ਖਾਨ ਆਪ ਘੋੜ ਸਵਾਰ ਫੌਜ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਗੋਹਲਵੜ ਦੇ ਸਥਾਨ ‘ਤੇ ਪਹੁੰਚ ਗਿਆ, ਜਿੱਥੇ ਸਿੰਘਾਂ ਤੇ ਅਫ਼ਗਾਨਾਂ ਦੀ ਟੱਕਰ ਹੋਈ। ਅਫ਼ਗਾਨ ਸਿੰਘਾਂ ਦਾ ਟਾਕਰਾ ਨਾ ਕਰ ਸਕੇ। ਸਿੰਘਾਂ ਦੇ ਅੱਗੇ ਲੱਗ ਕੇ ਮੈਦਾਨੋਂ ਭੱਜ ਨਿਕਲੇ। ਇਤਨੇ ਨੂੰ ਜਹਾਨ ਖਾਨ ਦਾ ਸਹਾਇਕ ਅਤਾਈ ਖਾਨ ਆਪਣੀ ਭਾਰੀ ਫੌਜ ਲੈ ਕੇ ਆ ਗਿਆ, ਜਿਸ ਨਾਲ ਮੈਦਾਨ-ਏ-ਜੰਗ ਦੀ ਰੂਪ-ਰੇਖਾ ਬਦਲ ਗਈ।
ਇਸ ਘਮਸਾਨ ਦੀ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿੱਚ ਹੌਲੀ-ਹੌਲੀ ਸਿੰਘ ਅਫ਼ਗਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਉਹ ਸਖ਼ਤ ਜਖ਼ਮੀ ਹੋ ਗਏ ਸਨ। ਅਫ਼ਗਾਨ ਦੁਸ਼ਮਣ ਦਾ ਇੱਕ ਕਮਾਂਡਰ ਅਮਾਨ ਖਾਨ ਅੱਗੇ ਵਧਿਆ ਤੇ ਬਾਬਾ ਜੀ ‘ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ।
ਇਸ ਸਾਂਝੇ ਵਾਰ ਵਿੱਚ ਬਾਬਾ ਜੀ ਨੇ ਉਸ ਮੁਗ਼ਲ ਕਮਾਂਡਰ ਨੂੰ ਤਾਂ ਥਾਂ ‘ਤੇ ਹੀ ਖ਼ਤਮ ਕਰ ਦਿੱਤਾ ਪਰ ਨਾਲ ਹੀ ਇਨ੍ਹਾਂ ਦੀ ਧੌਣ ਉਂਤੇ ਇੱਕ ਘਾਤਕ ਘਾਉ ਲੱਗਾ, ਜਿਸ ਨਾਲ ਬਾਬਾ ਜੀ ਦਾ ਸੀਸ ਧੜ ਤੋਂ ਅਲੱਗ ਹੋ ਗਿਆ। ਬਾਬਾ ਜੀ ਦਾ ਧੜ ਜਮੀਨ ਤੇ ਡਿੱਗ ਪਿਆ। ਇੱਕ ਸਿੰਘ ਨੇ ਹੱਥ ਜੋੜਕੇ ਬਾਬਾ ਜੀ ਦੇ ਧੜ ਵੱਲ ਬੇਨਤੀ ਕੀਤੀ ‘ ਆਗੇ ਏਕ ਧਰਮ ਸਿੰਘ ਕਹਯੋ, ਬਚਨ ਤੁਮਾਰਾ ਦੀਪ ਸਿੰਘ ਰਹਯੋ ‘ ਫੇਰ ਕੀ ਸੀ ਬਚਨ ਕੇ ਬਲੀ ਸ਼ੂਰਬੀਰ ਯੋਧੇ ਬਾਬਾ ਜੀ ਦਾ ਧੜ ਹਰਕਤ ਵਿੱਚ ਆ ਗਿਆ ਤੇ ਓਹਨਾ ਆਪਣਾ ਪਾਵਨ ਸ਼ੀਸ਼ ਖੱਬੇ ਹੱਥ ਤੇ ਧਰ ਕੇ ਆਪਣਾ ਸਵਾ ਮਣ ਦਾ ਖੰਡਾ ਵੋਹੰਦੇ ਹੋਏ ਲੜਦੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤਕ ਜਾ ਪਹੁੰਚੇ। ਇਥੋਂ ਤਕ ਅੱਪੜਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗਾਨ ਮਾਰ ਮੁਕਾਏ ਸਨ। ਇਸ ਤਰ੍ਹਾਂ ਇਸ ਘਮਸਾਨ ਦੀ ਜੰਗ ਅੰਦਰ ਅਫ਼ਗਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫੌਜ ਦੇ ਹੌਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ।