ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵੱਸਦੇ ਸਨ, ਪਰੰਤੂ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ।
ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਇਸੇ ਕਾਰਨ ਅਫ਼ਗਾਨਿਸਤਾਨ ਦੇ ਸਿੱਖ ਭੈਭੀਤ ਹਨ ਅਤੇ ਸਰਕਾਰਾਂ ਦੀ ਜ਼ੁੰਮੇਵਾਰੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ।
ਸ. ਧਾਮੀ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਸਿੱਖਾਂ ਨੇ ਜਿਥੇ ਵੀ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ। ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰਇਕ ਨਾਲ ਮਿਲਵਰਤਨ ਦੀ ਰਵਾਇਤ ਨੂੰ ਅੱਗੇ ਤੋਰਿਆ। ਸਿੱਖ ਕੌਮ ਸਮੁੱਚੀ ਮਾਨਵਤਾ ਦਾ ਭਲਾ ਮੰਗਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।