ਲੁਧਿਆਣਾ ਦੇ ਜਨਤਾ ਨਗਰ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਆਪਸ ਵਿਚ ਹਿੰਸਕ ਝੜਪ ਹੋ ਗਈ। ਦਰਅਸਲ ਅੱਜ ਲਾਕਡਾਊਨ ਹੋਣ ਦੇ ਬਾਵਜੂਦ ਲੁਧਿਆਣਾ ਦੇ ਕੋਟ ਮੰਗਲ ਸਿੰਘ ਇਲਾਕੇ ਵਿਚ ਸੜਕ ਨਿਰਮਾਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਪ੍ਰੋਗਰਾਮ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਸ਼ਾਮਲ ਹੋਏ ਸਨ ਪਰ ਮਾਮਲਾ ਉਦੋਂ ਵਿਗੜ ਗਿਆ ਜਦੋਂ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਆਪਣੇ ਸਮਰਥਕਾਂ ਸਮੇਤ ਉਥੇ ਪਹੁੰਚ ਗਏ।
ਇਸ ਦਰਮਿਆਨ ਦੋਵਾਂ ਧਿਰਾਂ ਵਿਚਾਲੇ ਬਹਿਸ ਤੋਂ ਬਾਅਦ ਗਾਲੀ-ਗਲੋਚ ਹੋਇਆ ਅਤੇ ਹੌਲੀ-ਹੌਲੀ ਮਾਮਲਾ ਵੱਧਦਾ ਹੋਇਆ ਹੱਥੋਪਾਈ ਤੱਕ ਪਹੁੰਚ ਗਿਆ। ਦੋਵਾਂ ਧਿਰਾਂ ਵਿਚਾਲੇ ਜੰਮ ਕੇ ਹੱਥੋਪਾਈ ਹੋਈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਸ ਨੇ ਹਾਲਾਤ ’ਤੇ ਕਾਬੂ ਪਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਇਥੇ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੋਰੋਨਾ ਮਹਾਮਾਰੀ ਕਾਰਣ ਸਰਕਾਰ ਨੇ ਹਰ ਤਰ੍ਹਾਂ ਦੇ ਇਕੱਠ ’ਤੇ ਰੋਕ ਲਗਾਈ ਹੈ ਤਾਂ ਅਜਿਹੇ ਵਿਚ ਵਿਧਾਇਕਾਂ ਵਲੋਂ ਇਹੋ ਜਿਹੇ ਪ੍ਰੋਗਰਾਮ ਕਿਸ ਤਰ੍ਹਾਂ ਕੀਤੇ ਜਾ ਸਕਦੇ ਹਨ।