ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕੀਤਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ।
ਸਰਕਾਰ ਨੂੰ ਦਿੱਤੇ ਜਵਾਬ ‘ਚ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ‘ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ। ਇਸ ਦੇ ਮੱਦੇਨਜ਼ਰ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ।
ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ। ਉਸ ਨੇ ਪੋਸਟਮਾਰਟਮ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ। ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਗਿਆ।