ਅੱਜ ਸੁਖਬੀਰ ਬਾਦਲ ਬਾਘਾਪੁਰਾਣਾ ਪਹੁੰਚੇ ਹਨ ਜਿੱਥੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਤਿੱਖਾ ਵਿਰੋਧ ਕਰਦਿਆਂ ਧਰਨੇ ਲਗਾ ਕੇ ਸਾਰੇ ਰਸਤੇ ਰੋਕ ਲਏ। ਕਿਸਾਨ ਪੁਲੀਸ ਦੀਆਂ ਰੋਕਾਂ ਤੋੜ ਕੇ ਪੰਡਾਲ ਵਿੱਚ ਪੁੱਜ ਗਏ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਥਾਂ-ਥਾਂ ’ਤੇ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਸਿਰਫ ਅਕਾਲੀ ਵਰਕਰਾਂ ਨੂੰ ਹੀ ਅੱਗੇ ਜਾਣ ਦਿੱਤਾ ਗਿਆ।
ਇਸ ਦੌਰਾਨ ਕਿਸਾਨਾਂ ਦੇ ਪੰਡਾਲ ਵਿੱਚ ਪੁੱਜਣ ’ਤੇ ਅਕਾਲੀ ਆਗੂ ਤੇ ਵਰਕਰ ਵੀ ਝੰਡੇ ਚੁੱਕ ਕੇ ਨਾਆਰੇਬਾਜ਼ੀ ਕਰਨ ਲੱਗ ਪਏ ਤਾਂ ਮਾਹੌਲ ਤਣਾਅ ਪੂਰਨ ਬਣ ਗਿਆ। ਇਸ ਮੌਕੇ ਕਰੀਬ 15 ਮਿੰਟ ਦੋਵਾਂ ਧਿਰਾਂ ਵਿੱਚ ਤਿੱਖੇ ਸ਼ਬਦੀ ਹਮਲੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਹੋਈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 100 ਦਿਨ ਦੀ ਹਲਕਾ ਵਾਰ ਬੈਠਕਾਂ ਤੇ ਚੋਣ ਰੈਲੀਆਂ ਕਰ ਰਹੇ ਹਨ।
ਉਨ੍ਹਾਂ ਦਾ ਲਗਾਤਾਰ ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਉਹ ਅੱਜ ਮੋਗਾ ਦੀ ਸਬ ਡਿਵੀਜ਼ਨ ਬਾਘਾਪੁਰਾਣਾ ਵਿਖੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਨ ਪਹੁੰਚ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਆਗੂ ਚਮਕੌਰ ਸਿੰਘ, ਬਲਕਰਨ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯਨੀਅਨ ਆਗੂ ਬਲਦੇਵ ਸਿੰਘ ਜੀਰਾ ਦੀ ਅਗਵਾਈ ਵਿੱਚ ਸੈਂਕੜੇ ਕਿਸਾਨ ਬਾਘਾਪੁਰਾਣਾ ਪੁੱਜੇ ਹਨ।