ਰਮਿੰਦਰ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਕੇਵਲ ਇਮਾਰਤ ਨਹੀਂ ਸਗੋਂ ਇਹ ਸੱਚਾ ਸੁੱਚਾ ਸੰਕਲਪ ਹੈ, ਜਿਸ ਨੇ ਕੌਮ ਦੀ ਅਜ਼ਾਦ ਹੋਂਦ ਹਸਤੀ ਨੂੰ ਰੂਪਮਾਨ ਕੀਤਾ।
ਉਨਾਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਰਾਜਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਗੁਲਾਮੀ ਦੀਆਂ ਜੰਜੀਰਾਂ ਟੁੱਟਣ, ਤਾਂ ਸਾਨੂੰ ਇਕ ਨਿਸ਼ਾਨ ਇਕ ਵਿਧਾਨ ਹੇਠ ਇਕੱਠੇ ਹੋ ਕੇ ਕੌਮ ਦੀ ਚੜਦੀ ਕਲਾ ਲਈ ਸਾਂਝੇ ਯਤਨ ਕਰਨੇ ਹੋਣਗੇ।
ਇਸ ਮੌਕੇ ਉਨਾਂ ਸਿੱਖ ਜਗਤ ਨੂੰ ਗੁਰੂ ਬਖ਼ਸ਼ੀ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਗੁਰਬਾਣੀ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਨ ਲਈ ਕਿਹਾ। ਸ਼ੁੱਕਰਵਾਰ ਦੀ ਸ਼ਾਮ ਨੂੰ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਰਵਾਇਤੀ ਸਿੱਖ ਸਾਜ਼ਾਂ ਨਾਲ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਉਨਾਂ ਜਾਰੀ ਸੁਨੇਹੇ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਨ ਅਤੇ ਸ਼ਾਨ ਹੈ, ਜਿਸ ਤੋਂ ਅਗਵਾਈ ਲੈ ਕੇ ਕੌਮ ਨੇ ਹਮੇਸ਼ਾ ਵੱਡੀਆਂ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ।
ਇਹ ਭਗਤੀ ਅਤੇ ਸ਼ਕਤੀ ਦੇ ਸੋਮੇ ਵੱਜੋਂ ਸਿੱਖ ਚੇਤਨਾ ਦਾ ਉਹ ਸਦੀਵ ਹਿੱਸਾ ਹੈ ਅਤੇ ਰਹੇਗਾ, ਜਿਸ ਨੇ ਪੂਰੀ ਦੁਨੀਆਂ ਵਿਚ ਸਿੱਖੀ ਦੀ ਨਿਆਰੀ ਹੋਂਦ ਨੂੰ ਉਜਾਗਰ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੀਆਂ ਰਵਾਇਤਾਂ ਅਤੇ ਇਤਿਹਾਸਕ ਦਿਹਾੜਿਆਂ ਸਬੰਧੀ ਨਵੀਂ ਪੀੜੀ ਨੂੰ ਚੇਤੰਨ ਕਰਨ ਲਈ ਉਨਾਂ ਦੀ ਚੰਗੀ ਵਿਦਿਆ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਧਾਰਮਿਕ ਕਦਰਾਂ ਕੀਮਤਾਂ ਦਾ ਪਾਠ ਵੀ ਜ਼ਰੂਰ ਦਿ੍ਰੜ ਕਰਵਾਉਣ।