ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਅਗਾਮੀ ਇੱਕ ਰੋਜ਼ਾ ਸੈਸ਼ਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਪੰਜ ਤੋਂ ਸੱਤ ਦਿਨ ਦਾ ਇਜਲਾਸ ਸੱਦਿਆ ਜਾਵੇ ਤਾਂ ਜੋ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਲਈ ਨਵਾਂ ਕਾਨੂੰਨ ਲਿਆਂਦਾ ਜਾ ਸਕੇ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ 3 ਸਤੰਬਰ ਨੂੰ ਇੱਕ ਦਿਨ ਦਾ ਇਜਲਾਸ ਹੋ ਰਿਹਾ ਹੈ। ਨਵਜੋਤ ਸਿੱਧੂ ਨੇ ਬਿਜਲੀ ਦਾ ਮੁੱਦਾ ਮੁੜ ਚੁੱਕਦਿਆਂ ਆਪਣੀ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਵਿਰੋੋਧੀ ਧਿਰਾਂ ਵੱਲੋਂ ਪਹਿਲਾਂ ਹੀ ਇਜਲਾਸ ਦੇ ਦਿਨਾਂ ਵਿਚ ਵਾਧੇ ਦੀ ਗੱਲ ਕਹੀ ਜਾ ਰਹੀ ਸੀ ਅਤੇ ਅੱਜ ਨਵਜੋਤ ਸਿੱਧੂ ਨੇ ਟਵੀਟ ਕਰਕੇ ਇੱਕ ਤਰੀਕੇ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਜੁਆਬ ਮੰਗਿਆ ਹੈ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਹਾਈਕਮਾਨ ਦੇ 18 ਨੁਕਾਤੀ ਏਜੰਡੇ ਵਿਚਲੇ ਅਹਿਮ ਨੁਕਤੇ ਬਿਜਲੀ ਖਰੀਦ ਸਮਝੌਤਿਆਂ ਦਾ ਚੇਤਾ ਕਰਾਇਆ ਹੈ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਸਮਝੌਤੇ ਰੱਦ ਕਰਨ ਨਾਲ ਪੰਜਾਬ ਸਰਕਾਰ ਨੂੰ ਜਨਰਲ ਵਰਗ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ, ਘਰੇਲੂ ਟੈਰਿਫ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ ਪੰਜ ਰੁਪਏ ਪ੍ਰਤੀ ਯੂਨਿਟ ਕਰਨ ਦੇ ਨਾਲ ਨਾਲ ਸਾਰੇ ਬਕਾਇਆ ਬਿੱਲਾਂ ਦੇ ਨਿਬੇੜੇ ਕਰਨ ਵਿਚ ਮਦਦ ਮਿਲੇਗੀ।