Punjab govt approves: ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸੁਚਾਰੂ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਪਹਿਲੀ ਅਕਤੂਬਰ ਤੋਂ ਘਰ ਘਰ ਜਾ ਕੇ ਆਟੇ ਦੀ ਸਪਲਾਈ ਕਰਨ ਦੀ ਸੇਵਾ ਦੀ ਸ਼ੁਰੂਆਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸੇਵਾ ਨੂੰ ਸੂਬਾ ਭਰ ‘ਚ ਤਿੰਨ ਪੜਾਵਾਂ ‘ਚ ਲਾਗੂ ਕੀਤਾ ਜਾਵੇਗਾ।
ਅੱਜ ਪੰਜਾਬ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲਗਾਈ ਗਈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1.54 ਕਰੋੜ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਲਾਭਪਾਤਰੀਆਂ ਨੂੰ 1 ਅਕਤੂਬਰ ਤੋਂ ਆਟਾ ਮਿਲਣਾ ਸ਼ੁਰੂ ਹੋ ਜਾਵੇਗਾ।ਇਸ ਫ਼ੈਸਲੇ ਨਾਲ ਕਣਕ ਨੂੰ ਪੀਸਣ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਪਹੁੰਚਾਉਣ ਲਈ ਸਰਕਾਰੀ ਖਜ਼ਾਨੇ ‘ਤੇ 670 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।ਹੁਣ ਤੱਕ ਕੌਮੀ ਖੁਰਾਕ ਸੁਰੱਖਿਆ ਐਕਟ ਸਕੀਮ ਤਹਿਤ ਲਾਭਪਾਤਰੀਆਂ ਨੂੰ ਹਰ ਤਿੰਨ ਮਹੀਨੇ ਬਾਅਦ ਕਣਕ ਦਿੱਤੀ ਜਾਂਦੀ ਸੀ ਅਤੇ ਇਸ ‘ਤੇ 1825 ਕਰੋੜ ਰੁਪਏ ਦਾ ਖ਼ਰਚਾ ਆਇਆ ਸੀ।ਲਾਭਪਾਤਰੀਆਂ ਨੂੰ ਹੁਣ ਪ੍ਰਤੀ ਮਹੀਨਾ 5 ਕਿਲੋ ਆਟਾ ਮਿਲੇਗਾ।
ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ
1. ਵੱਖ-ਵੱਖ ਵਿਭਾਗਾਂ ‘ਚ 26,454 ਅਸਾਮੀਆਂ ਨੂੰ ਮਨਜ਼ੂਰੀ
2.ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ
3.ਘਰ-ਘਰ ਰਾਸ਼ਨ ਪਹੁੰਚਾਉਣ ਸੀ ਸਕੀਮ ਨੂੰ ਮਨਜ਼ੂਰੀ
4.ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
5.ਛੋਟੇ ਟਰਾਂਸਪੋਰਟਰਾਂ ਲਈ ਫ਼ੀਸ ਜਮ੍ਹਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ ‘ਚ ਜਮ੍ਹਾਂ ਹੋ ਸਕੇਗੀ ਫੀਸ।